Amritsar Encounter : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਖ਼ਤਰਨਾਕ ਗੈਂਗਸਟਰ ਜਸਪਾਲ ਭੱਟੀ ਦਾ ਇਨਕਾਊਂਟਰ, ਕਤਲ ਕੇਸ ‘ਚ ਸੀ ਫ਼ਰਾਰ

ਅੰਮ੍ਰਿਤਸਰ : ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਇੱਕ ਸਾਲ ਤੋਂ ਫ਼ਰਾਰ…

Amritsar Encounter

ਅੰਮ੍ਰਿਤਸਰ : ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਇੱਕ ਸਾਲ ਤੋਂ ਫ਼ਰਾਰ ਚੱਲ ਰਹੇ ਖ਼ਤਰਨਾਕ ਗੈਂਗਸਟਰ ਜਸਪਾਲ ਸਿੰਘ ਉਰਫ਼ ਭੱਟੀ ਨਾਲ ਪੁਲਿਸ ਦਾ ਆਹਮੋ-ਸਾਹਮਣਾ ਹੋ ਗਿਆ। ਇਸ ਮੁਕਾਬਲੇ ਦੌਰਾਨ ਗੈਂਗਸਟਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਹਸਪਤਾਲ ਦਾਖ਼ਲ ਕਰਵਾਇਆ ਹੈ।

ਪਿੰਡ ਤਿਮੋਵਾਲ ਦੀ ਨਹਿਰ ਕੋਲ ਹੋਇਆ ਮੁਕਾਬਲਾ

ਡੀ.ਆਈ.ਜੀ. ਸੰਦੀਪ ਗੋਇਲ ਅਤੇ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸੁਹੇਲ ਮੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੈਂਗਸਟਰ ਦੀ ਮੂਵਮੈਂਟ ਬਾਰੇ ਗੁਪਤ ਸੂਚਨਾ ਮਿਲੀ ਸੀ। ਜਦੋਂ ਥਾਣਾ ਖਿਲਚੀਆਂ ਦੇ ਅਧੀਨ ਆਉਂਦੇ ਪਿੰਡ ਤਿਮੋਵਾਲ ਦੀ ਨਹਿਰ ਕੋਲ ਪੁਲਿਸ ਨੇ ਨਾਕਾਬੰਦੀ ਕੀਤੀ ਤਾਂ ਮੋਟਰਸਾਈਕਲ ਸਵਾਰ ਜਸਪਾਲ ਭੱਟੀ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਘੇਰ ਲਏ ਜਾਣ ‘ਤੇ ਉਸ ਨੇ ਪੁਲਿਸ ਪਾਰਟੀ ਉੱਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ।

ਚਾਈਨਾ ਮੇਡ ਪਿਸਤੌਲ ਨਾਲ ਕੀਤੇ ਤਿੰਨ ਫਾਇਰ

ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਕੋਲੋਂ 30 ਬੋਰ ਦਾ ਚਾਈਨਾ ਮੇਡ ਪਿਸਤੌਲ ਬਰਾਮਦ ਹੋਇਆ ਹੈ। ਮੁਕਾਬਲੇ ਦੌਰਾਨ ਮੁਲਜ਼ਮ ਵੱਲੋਂ ਪੁਲਿਸ ‘ਤੇ ਤਿੰਨ ਫਾਇਰ ਕੀਤੇ ਗਏ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀ ਚਲਾਈ। ਪੁਲਿਸ ਦੀ ਗੋਲੀ ਲੱਗਣ ਕਾਰਨ ਜਸਪਾਲ ਭੱਟੀ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ। ਮੌਕੇ ‘ਤੇ ਪਹੁੰਚੀ ਫੋਰੈਂਸਿਕ ਟੀਮ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ।

ਕਪੂਰਥਲਾ ਕਤਲ ਕਾਂਡ ਤੋਂ ਬਾਅਦ ਸੀ ਰੂਪੋਸ਼

ਫੜਿਆ ਗਿਆ ਗੈਂਗਸਟਰ ਜਸਪਾਲ ਸਿੰਘ, ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਪੱਟੀ ਦਾ ਰਹਿਣ ਵਾਲਾ ਹੈ। ਉਸ ਵਿਰੁੱਧ ਕਪੂਰਥਲਾ ਵਿੱਚ ਇੱਕ ਸਾਲ ਪਹਿਲਾਂ ਹੋਏ ਕਤਲ ਦਾ ਮਾਮਲਾ ਦਰਜ ਸੀ, ਜਿਸ ਤੋਂ ਬਾਅਦ ਉਹ ਲਗਾਤਾਰ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਚੱਲ ਰਿਹਾ ਸੀ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਫ਼ਰਾਰ ਰਹਿਣ ਦੌਰਾਨ ਉਸ ਨੇ ਹੋਰ ਕਿਹੜੀਆਂ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਅਤੇ ਉਸ ਦੇ ਕਿਹੜੇ ਗੈਂਗਸਟਰਾਂ ਨਾਲ ਸਬੰਧ ਹਨ।

ਇਲਾਕੇ ਵਿੱਚ ਸਹਿਮ ਦਾ ਮਾਹੌਲ, ਸੁਰੱਖਿਆ ਸਖ਼ਤ

ਇਸ ਮੁਕਾਬਲੇ ਤੋਂ ਬਾਅਦ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਅਪਰਾਧੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ: ‘Gangstran te war’ : ਅਪਰਾਧੀਆਂ ’ਤੇ ਸਿਕੰਜਾ ਕੱਸਦਿਆਂ 53 ਸ਼ੱਕੀ ਗ੍ਰਿਫ਼ਤਾਰ, ਗੈਂਗਸਟਰ ਕਲਚਰ ’ਤੇ ਵੱਡੀ ਸੱਟ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *