ਅੰਮ੍ਰਿਤਸਰ ਪੁਲਿਸ ਦੀ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: ਕੇਂਦਰੀ ਜੇਲ੍ਹ ਅਤੇ ਗੁਰੂ ਕੀ ਵਡਾਲੀ ‘ਚ ਚਲਾਇਆ ਸਰਚ ਅਭਿਆਨ

ਅੰਮ੍ਰਿਤਸਰ: ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਗੈਂਗਸਟਰ ਕਲਚਰ ਨੂੰ ਜੜ੍ਹੋਂ ਖਤਮ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ…

ਅੰਮ੍ਰਿਤਸਰ: ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਗੈਂਗਸਟਰ ਕਲਚਰ ਨੂੰ ਜੜ੍ਹੋਂ ਖਤਮ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਅੰਮ੍ਰਿਤਸਰ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸੇ ਲੜੀ ਤਹਿਤ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਫਤਾਹਪੁਰ ਅਤੇ ਗੁਰੂ ਕੀ ਵਡਾਲੀ ਇਲਾਕੇ ਵਿੱਚ ਅਚਨਚੇਤ ਸਰਚ ਆਪਰੇਸ਼ਨ ਚਲਾਇਆ ਗਿਆ।

ਕੇਂਦਰੀ ਜੇਲ੍ਹ ਫਤਾਹਪੁਰ ਵਿੱਚ ਸਾਂਝੀ ਛਾਪੇਮਾਰੀ

ਡੀ.ਸੀ.ਪੀ. (ਲਾਅ ਐਂਡ ਆਰਡਰ) ਸ੍ਰੀ ਆਲਮ ਵਿਜੈ ਸਿੰਘ ਦੀ ਸਿੱਧੀ ਨਿਗਰਾਨੀ ਹੇਠ, ਏ.ਡੀ.ਸੀ.ਪੀ. ਸਿਟੀ-1 ਸ੍ਰੀ ਵਿਸ਼ਾਲਜੀਤ ਸਿੰਘ ਅਤੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੇ ਕੇਂਦਰੀ ਜੇਲ੍ਹ ਫਤਾਹਪੁਰ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਅਤੇ ਆਲੇ-ਦੁਆਲੇ ਦੇ ਸੰਵੇਦਨਸ਼ੀਲ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੁਲਿਸ ਵੱਲੋਂ ਜੇਲ੍ਹ ਦੀ ਬਾਹਰੀ ਕੰਧ (ਬਾਊਂਡਰੀ ਵਾਲ) ਦੇ ਨੇੜਲੇ ਇਲਾਕਿਆਂ ਨੂੰ ਵੀ ਖੰਘਾਲਿਆ ਗਿਆ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ।

ਗੁਰੂ ਕੀ ਵਡਾਲੀ ਵਿਖੇ CASO ਆਪਰੇਸ਼ਨ: 10 ਸ਼ੱਕੀ ਕਾਬੂ

ਦੂਜੇ ਪਾਸੇ, ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕੇ ਗੁਰੂ ਕੀ ਵਡਾਲੀ ਵਿੱਚ ਪੁਲਿਸ ਵੱਲੋਂ ‘ਕਾਰਡਨ ਐਂਡ ਸਰਚ ਆਪਰੇਸ਼ਨ’ (CASO) ਚਲਾਇਆ ਗਿਆ। ਇਸ ਆਪਰੇਸ਼ਨ ਵਿੱਚ ਏ.ਸੀ.ਪੀ. ਈਸਟ ਸ੍ਰੀ ਸ਼ਿਵਦਰਸ਼ਨ ਸਿੰਘ, ਪ੍ਰੋਬੇਸ਼ਨਰ ਏ.ਸੀ.ਪੀ. ਪਾਰਸ ਗਰਗ ਅਤੇ ਸਪੈਸ਼ਲ ਕਮਾਂਡੋ ਫੋਰਸ ਦੇ ਜਵਾਨ ਸ਼ਾਮਲ ਸਨ। ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ  ਕਰੀਬ 50 ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਨਸ਼ਾ ਤਸਕਰਾਂ ਅਤੇ ਜ਼ਮਾਨਤ ‘ਤੇ ਬਾਹਰ ਆਏ ਅਪਰਾਧੀਆਂ ਦੀਆਂ ਗਤੀਵਿਧੀਆਂ ਦੀ ਜਾਂਚ ਕੀਤੀ। 53 ਵਾਹਨਾਂ ਦੇ ਦਸਤਾਵੇਜ਼ਾਂ ਅਤੇ ਮਾਲਕੀ ਦੀ ਪੜਤਾਲ ਕੀਤੀ ਗਈ। ਮੌਕੇ ‘ਤੇ 10 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ। ਇਸ ਕਾਰਵਾਈ ਦੌਰਾਨ 4 ਵਿਅਕਤੀਆਂ ਵਿਰੁੱਧ NDPS ਐਕਟ ਤਹਿਤ 2 ਨਵੇਂ ਮੁਕੱਦਮੇ ਦਰਜ ਕੀਤੇ ਗਏ ਹਨ।

ਜਨਤਾ ਨੂੰ ਸਹਿਯੋਗ ਦੀ ਅਪੀਲ

ਇਸ ਮੌਕੇ ਡੀ.ਸੀ.ਪੀ. ਆਲਮ ਵਿਜੈ ਸਿੰਘ ਨੇ ਇਲਾਕਾ ਨਿਵਾਸੀਆਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਗਲਤ ਕੰਮਾਂ ਵਿੱਚ ਸ਼ਾਮਲ ਹੈ, ਤਾਂ ਉਸਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਹਨਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਅੰਮ੍ਰਿਤਸਰ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

Leave a Reply

Your email address will not be published. Required fields are marked *