ਅੰਮ੍ਰਿਤਸਰ: ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਇੱਕ ਅੰਤਰਰਾਸ਼ਟਰੀ ਨਾਰਕੋ-ਤਸਕਰੀ ਸਿੰਡੀਕੇਟ ਦਾ ਭਾਂਡਾ ਭੰਨ ਦਿੱਤਾ। ਪੁਲਿਸ ਨੇ ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਅਸਲ੍ਹਾ ਬਰਾਮਦ ਕੀਤਾ ਹੈ।
ਬਰਾਮਦਗੀ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੀ ਪਛਾਣ ਦਲਜੀਤ ਸਿੰਘ ਉਰਫ਼ ਲਾਲਾ, ਸ਼ਿੱਬੂ ਦੋਵੇਂ ਵਾਸੀ ਮੁਸਤਫਾਬਾਦ, ਅੰਮ੍ਰਿਤਸਰ ਅਤੇ ਗੁਰਵਿੰਦਰ ਸਿੰਘ ਉਰਫ਼ ਗੋਪੀ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 4.5 ਕਿੱਲੋਗ੍ਰਾਮ ਹੈਰੋਇਨ, ਇੱਕ ਨਾਜਾਇਜ਼ ਪਿਸਤੌਲ ਬਰਾਮਦ ਕੀਤਾ ਹੈ।
ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਹੈਂਡਲਰਾਂ ਨਾਲ ਸਨ ਸੰਪਰਕ ‘ਚ
ਮੁੱਢਲੀ ਜਾਂਚ ਵਿੱਚ ਇਹ ਹੈਰਾਨੀਜਨਕ ਖੁਲਾਸਾ ਹੋਇਆ ਹੈ ਕਿ ਇਹ ਤਸਕਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸਰਹੱਦ ਪਾਰ ਬੈਠੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਏ ਸਨ। ਇਹ ਗਿਰੋਹ ਵਿਦੇਸ਼ਾਂ ਤੋਂ ਮਿਲਣ ਵਾਲੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ੇ ਅਤੇ ਹਥਿਆਰਾਂ ਦੀ ਖੇਪ ਨੂੰ ਵੱਖ-ਵੱਖ ਥਾਵਾਂ ‘ਤੇ ਪਹੁੰਚਾਉਣ ਦਾ ਕੰਮ ਕਰਦਾ ਸੀ। ਪੁਲਿਸ ਮੁਤਾਬਕ ਇਹ ਨੈੱਟਵਰਕ ਕਾਫੀ ਸਮੇਂ ਤੋਂ ਸਰਹੱਦੀ ਖੇਤਰਾਂ ਵਿੱਚ ਸਰਗਰਮ ਸੀ।
ਕਾਨੂੰਨੀ ਕਾਰਵਾਈ ਅਤੇ ਪੁਲਿਸ ਦਾ ਪੱਖ
ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਐਨ.ਡੀ.ਪੀ.ਐਸ (NDPS) ਐਕਟ ਅਤੇ ਆਰਮਜ਼ ਐਕਟ ਤਹਿਤ ਐਫ.ਆਈ.ਆਰ (FIR) ਦਰਜ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਦਲਜੀਤ ਲਾਲਾ ‘ਤੇ ਪਹਿਲਾਂ ਵੀ ਅਸਲ੍ਹਾ ਐਕਟ ਦੇ ਮਾਮਲੇ ਦਰਜ ਹਨ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨਸ਼ੇ ਦੀ ਇਹ ਖੇਪ ਕਿੱਥੋਂ ਮੰਗਵਾਈ ਗਈ ਸੀ ਅਤੇ ਅੱਗੇ ਕਿਨ੍ਹਾਂ ਲੋਕਾਂ ਨੂੰ ਸਪਲਾਈ ਕੀਤੀ ਜਾਣੀ ਸੀ।
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



