ਸੰਗਰੂਰ : ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਮੈਰੀਟੋਰੀਅਸ ਸਕੂਲ ਵਿੱਚ ਦੂਸ਼ਿਤ ਖਾਣਾ ਖਾਣ ਤੋਂ ਬਾਅਦ 70 ਤੋਂ ਜ਼ਿਆਦਾ ਵਿਦਿਆਰਥੀਆਂ ਦੀ ਸਿਹਤ ਵਿਗੜਣ ‘ਤੇ ਪ੍ਰਸ਼ਾਸਨ ਵੱਲੋਂ ਸਕੂਲ ‘ਚ 5 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਮੈਰੀਟੋਰੀਅਸ ਸਕੂਲ ‘ਚ ਖਾਣਾ ਖਾਣ ਤੋਂ ਬਾਅਦ 74 ਦੇ ਕਰੀਬ ਵਿਦਿਆਰਥੀਆਂ ਦੀ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਬੱਚਿਆਂ ਨੂੰ ਸਰਕਾਰੀ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਵੱਲੋਂ ਵਿਦਿਆਰਥੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਕੁਝ ਨੂੰ ਛੁੱਟੀ ਵੀ ਮਿਲ ਗਈ ਹੈ।
ਇਸ ਤੋਂ ਇਲਾਵਾ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਸਿਵਲ ਹਸਪਤਾਲ ਸੰਗਰੂਰ ਪਹੁੰਚ ਕੇ ਵਿਦਿਆਰਥੀਆਂ ਦਾ ਹਾਲ-ਚਾਲ ਜਾਣਿਆ ਤੇ ਜ਼ਰੂਰੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
ਜਾਣਕਾਰੀ ਮੁਤਾਬਕ ਖਾਣਾ ਮੁਹੱਈਆ ਕਰਵਾਉਣ ਵਾਲੇ ਠੇਕੇਦਾਰ ਨੂੰ ਐਫਆਈਆਰ ਦਰਜ ਕਰਨ ਤੋਂ ਬਾਅਦ ਹਿਰਾਸਤ ‘ਚ ਲੈ ਲਿਆ ਗਿਆ ਹੈ। ਖਾਣੇ ਦੇ ਸੈਂਪਲ ਲਏ ਗਏ ਹਨ। ਮੈਡੀਕਲ ਟੀਮ ਨੂੰ ਸਕੂਲ ‘ਚ ਹੀ ਨਿਯੁਕਤ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਐਕਸ ਹੈਂਡਲ ‘ਤੇ ਪਾਈ ਪੋਸਟ ਅਨੁਸਾਰ ਹੋਸਟਲ ਦੀ ਕੰਟੀਨ ਦਾ ਠੇਕਾ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਮਾਮਲੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ। ਸਿੱਖਿਆ ਮੰਤਰੀ ਨੇ 24 ਘੰਟਿਆਂ ‘ਚ ਰੋਪਰਟ ਮੰਗੀ ਹੈ।



