ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ ਕੁਝ ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਧਮਾਕਾ ਉਸੇ ਹੀ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ । ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ ‘ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਅਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।
ਪੁਲਿਸ ਦਾ ਕਹਿਣਾ ਹੈ ਕਿ ਧਮਾਕੇ ਦਾ ਕਾਰਨ ਕੀ ਹੈ ਅਜੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਐੱਫਐੱਸਐਲ ਟੀਮ ਅਜੇ ਵੀ ਅੰਮ੍ਰਿਤਸਰ ਵਿੱਚ ਹੈ, ਉਹ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅੱਜ ਹੋਏ ਧਮਾਕੇ ‘ਚ ਇਕ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ, ਉਸ ਨੂੰ ਇਲਾਜ ਹਸਪਤਾਲ ਭੇਜਿਆ ਗਿਆ ਹੈ। ਉਕਤ ਚਸ਼ਮਦੀਦ ਦਾ ਕਹਿਣਾ ਹੈ ਕਿ ਸਵੇਰੇ 6:30 ਵਜੇ ਜ਼ੋਰਦਾਰ ਧਮਾਕਾ ਹੋਇਆ,ਇਸ ਦੌਰਾਨ ਇੱਕ ਵਿਆਕਤੀ ਜ਼ਖਮੀ ਹੋ ਗਿਆ ਅਤੇ ਉੱਥੇ ਖੜ੍ਹੀ ਇਕ ਕਾਰ ਦੇ ਸ਼ੀਸ਼ੇ ਟੁੱਟ ਗਏ।
