Barnala police ਵੱਲੋਂ ਠੀਕਰੀਵਾਲਾ ਬੇਅਦਬੀ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਗ੍ਰਿਫਤਾਰ

ਬਰਨਾਲਾ: ਪਿੰਡ ਠੀਕਰੀਵਾਲਾ ਵਿਖੇ ਗੁਟਕਾ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ…

Barnala Police

ਬਰਨਾਲਾ: ਪਿੰਡ ਠੀਕਰੀਵਾਲਾ ਵਿਖੇ ਗੁਟਕਾ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਫੜੇ ਗਏ ਤੀਜੇ ਮੁੱਖ ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਪਿੰਡ ਠੀਕਰੀਵਾਲਾ ਦਾ ਹੀ ਰਹਿਣ ਵਾਲਾ ਹੈ ਅਤੇ ਸਹਿਕਾਰੀ ਸਭਾ ਦਾ ਮੈਂਬਰ ਹੈ। ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਹੀ ਦੋ ਮੁਲਜ਼ਮਾਂ—ਜਗਵੀਰ ਸਿੰਘ (ਠੀਕਰੀਵਾਲਾ) ਅਤੇ ਰਣਦੀਪ ਸਿੰਘ (ਸੁਲਤਾਨਪੁਰ)—ਨੂੰ ਕਾਬੂ ਕਰ ਚੁੱਕੀ ਹੈ।

ਬੇਅਦਬੀ ਦਾ ਇਹ ਦੱਸਿਆ ਕਾਰਨ

ਡੀ.ਐਸ.ਪੀ. ਸਤਬੀਰ ਸਿੰਘ ਬੈਂਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਹੈਰਾਨੀਜਨਕ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਖ ਮੁਲਜ਼ਮ ਕੁਲਦੀਪ ਸਿੰਘ ਇਸ ਗੱਲ ਤੋਂ ਖ਼ਫ਼ਾ ਸੀ ਕਿ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਕਈ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ, ਪਰ ਉਸ ਨੂੰ ਅਣਗੌਲਿਆ ਕਰ ਦਿੱਤਾ ਗਿਆ। ਇਸ ਬਦਲੇ ਦੀ ਭਾਵਨਾ ਤਹਿਤ ਉਸ ਨੇ ਗੁਰਦੁਆਰਾ ਕਮੇਟੀ ਅਤੇ ਪ੍ਰਧਾਨ ਨੂੰ ਬਦਨਾਮ ਕਰਨ ਲਈ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਬੇਅਦਬੀ ਦੀ ਸਾਜ਼ਿਸ਼ ਰਚੀ।

ਆਪਣੇ ਹੀ ਭਤੀਜੇ ਨੂੰ ਬਣਾਇਆ ਮੋਹਰਾ

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਲਦੀਪ ਸਿੰਘ ਨੇ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਲਈ ਆਪਣੇ ਹੀ ਭਤੀਜੇ ਜਗਵੀਰ ਸਿੰਘ ਨੂੰ ਤਿਆਰ ਕੀਤਾ, ਜੋ ਬੋਲ ਅਤੇ ਸੁਣ ਨਹੀਂ ਸਕਦਾ। ਇਸ ਘਟਨਾ ਵਿੱਚ ਇੱਕ ਹੋਰ ਰਿਸ਼ਤੇਦਾਰ ਵੀ ਸ਼ਾਮਲ ਸੀ। ਮੁਲਜ਼ਮਾਂ ਦਾ ਮਕਸਦ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਗਲੀਆਂ ਵਿੱਚ ਖਿਲਾਰ ਕੇ ਪਿੰਡ ਦੇ ਮਾਹੌਲ ਨੂੰ ਖ਼ਰਾਬ ਕਰਨਾ ਅਤੇ ਪ੍ਰਬੰਧਕਾਂ ਦੀ ਬੇਇੱਜ਼ਤੀ ਕਰਵਾਉਣਾ ਸੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 299 ਅਤੇ 3(5) ਤਹਿਤ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਹੈ।

ਸਿਆਸੀ ਤਸਵੀਰਾਂ ਵਾਇਰਲ ਹੋਣ ਨਾਲ ਗਰਮਾਇਆ ਮਾਹੌਲ

ਮੁੱਖ ਮੁਲਜ਼ਮ ਕੁਲਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦੀਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨਾਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਹ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਹੋਰ ਵੀ ਚਰਚਾ ਵਿੱਚ ਆ ਗਿਆ ਹੈ।

ਪੰਥਕ ਜਥੇਬੰਦੀਆਂ ਤੇ ਪਿੰਡ ਵਾਸੀਆਂ ਵਿੱਚ ਸੀ ਭਾਰੀ ਰੋਸ

ਜ਼ਿਕਰਯੋਗ ਹੈ ਕਿ ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ‘ਤੇ ਜਥੇਦਾਰ ਟੇਕ ਸਿੰਘ ਧਨੌਲਾ ਵੱਲੋਂ ਪੁਲਿਸ ਨੂੰ ਦੋ ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਅਤੇ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਇਸ ਕੇਸ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਹੁਣ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : Security arrangements by Faridkot Police: ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਲਈ ਚਲਾਇਆ ਵਿਸ਼ੇਸ਼ ਸਰਚ ਅਪ੍ਰੇਸ਼ਨ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ। 

Leave a Reply

Your email address will not be published. Required fields are marked *