ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਦੇਸ਼ੀ ਦੌਰੇ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਨੇ ਮੁੱਖ ਮੰਤਰੀ ਮਾਨ ਨੂੰ ਯੂਨਾਈਟਿਡ ਕਿੰਗਡਮ (UK) ਦੀ ਯਾਤਰਾ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ‘ਇਨਵੈਸਟ ਪੰਜਾਬ’ ਮੁਹਿੰਮ ਦੇ ਤਹਿਤ ਇੱਕ ਉੱਚ ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਬ੍ਰਿਟੇਨ ਜਾਣਾ ਸੀ, ਪਰ ਹੁਣ ਇਸ ਪ੍ਰੋਗਰਾਮ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
ਨਿਵੇਸ਼ਕਾਂ ਨੂੰ ਸੱਦਾ ਦੇਣ ਲਈ ਜਾਣਾ ਸੀ ਬ੍ਰਿਟੇਨ
ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਇੱਕ ਵਫ਼ਦ ਮਾਰਚ ਵਿੱਚ ਹੋਣ ਵਾਲੇ ‘ਪ੍ਰੋਗਰਸਿਵ ਪੰਜਾਬ ਇਨਵੈਸਟਰ ਸਮਿਟ’ ਲਈ ਵਿਦੇਸ਼ੀ ਨਿਵੇਸ਼ਕਾਂ ਨੂੰ ਸੱਦਾ ਦੇਣ ਵਾਸਤੇ ਯੂਕੇ ਜਾਣ ਦੀ ਤਿਆਰੀ ਵਿੱਚ ਸੀ। ਇਸ ਦੌਰੇ ਦਾ ਮੁੱਖ ਮਕਸਦ ਪੰਜਾਬ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਅਤੇ ਬ੍ਰਿਟਿਸ਼ ਕੰਪਨੀਆਂ ਨੂੰ ਰਾਜ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰਨਾ ਸੀ। ਹਾਲਾਂਕਿ, ਕੇਂਦਰ ਸਰਕਾਰ ਵੱਲੋਂ ਇਸ ਇਜਾਜ਼ਤ ਨੂੰ ਰੱਦ ਕਰਨ ਪਿੱਛੇ ਅਜੇ ਤੱਕ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ ਗਿਆ ਹੈ।
ਪਹਿਲਾਂ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰ ਚੁੱਕੇ ਹਨ ਦੌਰਾ
ਜ਼ਿਕਰਯੋਗ ਹੈ ਕਿ ਪਿਛਲੇ ਸਾਲ 1 ਤੋਂ 8 ਦਸੰਬਰ ਤੱਕ ਮੁੱਖ ਮੰਤਰੀ ਮਾਨ ਨੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਸਫਲ ਦੌਰਾ ਕੀਤਾ ਸੀ। ਉਸ ਸਮੇਂ ਉਨ੍ਹਾਂ ਨੇ ਕਈ ਵੱਡੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ 13-15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਣ ਵਾਲੇ ਛੇਵੇਂ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ। ਪਰ ਹੁਣ ਯੂਕੇ ਦੌਰੇ ਨੂੰ ਹਰੀ ਝੰਡੀ ਨਾ ਮਿਲਣ ਕਾਰਨ ਸਰਕਾਰ ਦੀਆਂ ਯੋਜਨਾਵਾਂ ਨੂੰ ਵੱਡਾ ਝਟਕਾ ਲੱਗਾ ਹੈ।
ਵਿਦੇਸ਼ ਮੰਤਰਾਲੇ ਦੀ ‘ਸਿਆਸੀ ਮਨਜ਼ੂਰੀ‘ ਬਣੀ ਰੁਕਾਵਟ
ਪ੍ਰੋਟੋਕੋਲ ਅਨੁਸਾਰ, ਕਿਸੇ ਵੀ ਰਾਜ ਦੇ ਮੁੱਖ ਮੰਤਰੀ ਨੂੰ ਵਿਦੇਸ਼ੀ ਦੌਰੇ ‘ਤੇ ਜਾਣ ਲਈ ਕੇਂਦਰੀ ਵਿਦੇਸ਼ ਮੰਤਰਾਲੇ ਤੋਂ ‘ਪੋਲੀਟੀਕਲ ਕਲੀਅਰੈਂਸ’ (ਸਿਆਸੀ ਮਨਜ਼ੂਰੀ) ਲੈਣੀ ਲਾਜ਼ਮੀ ਹੁੰਦੀ ਹੈ। ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਨੂੰ ਪੈਰਿਸ ਓਲੰਪਿਕ ਦੌਰਾਨ ਭਾਰਤੀ ਹਾਕੀ ਟੀਮ ਦੀ ਹੌਸਲਾ ਅਫਜ਼ਾਈ ਲਈ ਜਾਣ ਦੀ ਇਜਾਜ਼ਤ ਨਹੀਂ ਮਿਲੀ ਸੀ। ਹੁਣ ਇੱਕ ਵਾਰ ਫਿਰ ਅਜਿਹੀ ਹੀ ਸਥਿਤੀ ਪੈਦਾ ਹੋਣ ਨਾਲ ਸਿਆਸੀ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/threat-to-blow-up-schools-in-punjab-after-amritsar-now-there-is-an-atmosphere-of-terror-in-a-school-in-moga-too/
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



