ਚੰਡੀਗੜ੍ਹ- ਬਿਕਰਮ ਸਿੰਘ ਮਜੀਠੀਆ ਨੂੰ ਕਥਿਤ ਡਰੱਗਸ ਮਾਮਲੇ ਵਿਚ ਵੱਡੀ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ਵਲੋਂ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਉੱਤੇ ਰੋਕ ਲਗਾ ਦਿੱਤੀ ਗਈ ਹੈ। ਇਹ ਰੋਕ 23 ਫਰਵਰੀ ਤੱਕ ਜਾਰੀ ਰਹੇਗੀ। ਇਸ ਦੌਰਾਨ ਸੁਪਰੀਮ ਕੋਰਟ ਵਲੋਂ ਇਸ ਤੋਂ ਬਾਅਦ ਬਿਕਰਮ ਮਜੀਠੀਆ ਨੂੰ 23 ਫਰਵਰੀ ਟ੍ਰਾਇਲ ਕੋਰਟ ਵਿਚ ਸਿਰੰਡਰ ਦੇ ਹੁਕਮ ਦਿੱਤੇ ਗਏ ਹਨ।
ਦੱਸ ਦੇਈਏ ਕਿ ਬੀਤੇ ਦਿਨੀਂ ਕਥਿਤ ਡਰੱਗਜ਼ ਮਾਮਲੇ ਵਿੱਚ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਵੱਲੋਂ ਮਜੀਠੀਆ ਦੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਕਾਲੋਨੀ ਵਿਚ ਸਥਿਤ ਘਰ ਵਿਚ ਛਾਪੇਮਾਰੀ ਕੀਤੀ ਗਈ ਸੀ ਪਰ ਪੁਲਿਸ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਵਿੱਚ ਨਾਕਾਮਯਾਬ ਰਹੀ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ ਪਰ ਨਾਲ ਹੀ ਤਿੰਨ ਦਿਨਾਂ ਲਈ ਗ੍ਰਿਫ਼ਤਾਰੀ ਨਾ ਕਰਨ ਦਾ ਹੁਕਮ ਵੀ ਜਾਰੀ ਕੀਤਾ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਪੁੱਜੇ ਮਜੀਠੀਆ ਨੂੰ ਉਸ ਸਮੇਂ ਰਾਹਤ ਮਿਲੀ ਸੀ, ਜਦੋਂ ਅਦਾਲਤ ਨੇ ਸੋਮਵਾਰ ਤੱਕ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਸੀ। ਅੱਜ ਦੇ ਫ਼ੈਸਲੇ ‘ਚ ਅਦਾਲਤ ਨੇ 23 ਫਰਵਰੀ ਤੱਕ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਹੈ।



