ਅੰਮ੍ਰਿਤਸਰ : ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ਵਿੱਚ ਅੰਮ੍ਰਿਤਸਰ ਦਿਹਾਤੀ ਦੀ ਥਾਣਾ ਰਮਦਾਸ ਪੁਲਿਸ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਰਾਵੀ ਦਰਿਆ ਦੇ ਕੰਢੇ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਨੂੰ ਇਹ ਸਫਲਤਾ ਗੁਪਤ ਸੂਚਨਾ ਦੇ ਆਧਾਰ ‘ਤੇ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਹਾਸਲ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਟੀਮਾਂ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਸਰਕੰਡਿਆਂ ਵਾਲੇ ਖੇਤਰ ਵਿੱਚ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਪੀਲੇ ਰੰਗ ਦੀ ਟੇਪ ਨਾਲ ਲਪੇਟੇ ਹੋਏ ਤਿੰਨ ਸ਼ੱਕੀ ਪੈਕਟ ਬਰਾਮਦ ਹੋਏ। ਜਦੋਂ ਪੁਲਿਸ ਨੇ ਇਨ੍ਹਾਂ ਪੈਕਟਾਂ ਦੀ ਜਾਂਚ ਕੀਤੀ ਤਾਂ ਇਨ੍ਹਾਂ ਵਿੱਚੋਂ 1 ਕਿਲੋ 310 ਗ੍ਰਾਮ ਆਈਸ ਡਰੱਗ ਦੇ ਨਾਲ-ਨਾਲ ਤਿੰਨ ਪਿਸਤੌਲ ਵੀ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਵਿੱਚ ਇਹ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਇਹ ਨਸ਼ਾ ਅਤੇ ਹਥਿਆਰ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਭਾਰਤੀ ਖੇਤਰ ਵਿੱਚ ਸੁੱਟੇ ਗਏ ਸਨ।
ਇਸ ਮਾਮਲੇ ਸਬੰਧੀ ਥਾਣਾ ਰਮਦਾਸ ਵਿਖੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਇਸ ਤਸਕਰੀ ਪਿੱਛੇ ਕਿਹੜੇ ਵਿਅਕਤੀ ਦਾ ਹੱਥ ਹੈ ਅਤੇ ਇਹ ਖੇਪ ਕਿਸ ਤੱਕ ਪਹੁੰਚਾਈ ਜਾਣੀ ਸੀ। ਸਰਹੱਦੀ ਖੇਤਰ ਵਿੱਚ ਦੇਸ਼ ਵਿਰੋਧੀ ਤਾਕਤਾਂ ਦੇ ਨਾਪਾਕ ਮਸੂਬਿਆਂ ਨੂੰ ਨਾਕਾਮ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



