ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਸਾਲ 2023-24 ਦੇ ਬਜਟ ਨੂੰ ‘ਆਮ ਲੋਕਾਂ ਦਾ ਬਜਟ’ ਦੱਸਦਿਆਂ ਇਸ ਦਾ ਸ਼ਲਾਘਾ ਕਰਦੇ ਹੋਏ ਇਸ ਬਜਟ ਨੂੰ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਰੂਪ-ਰੇਖਾ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਠੀਕ ਇਕ ਸਾਲ ਬਾਅਦ ਇਹ ਟੈਕਸ ਮੁਕਤ ਬਜਟ ਪੇਸ਼ ਕੀਤਾ ਗਿਆ ਹੈ। ਸੀਐੱਮ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਬਜਟ ਸੂਬੇ ਵਿਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਕੇ ਆਮ ਲੋਕਾਂ ਦੀ ਤਕਦੀਰ ਬਦਲ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਦੇ ਮੁਤਾਬਕ ਬਜਟ ਵਿਚ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਖਾਕਾ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬਜਟ ਹਰੇਕ ਖੇਤਰ ਵਿਚ ਵਿਕਾਸ ਨੂੰ ਹੁਲਾਰਾ ਦੇਵੇਗਾ ਅਤੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਬਜਟ ਸੂਬਾ ਸਰਕਾਰ ਦੀਆਂ ਅਗਾਂਹਵਧੂ ਨੀਤੀਆਂ ਦੇ ਸੁਮੇਲ ਨਾਲ ਸੂਬੇ ਦੀ ਤਰੱਕੀ ਲਈ ਮਦਦਗਾਰ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ 26797 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿਚ ਰੈਗੂਲਰ ਭਰਤੀ ਅਤੇ ਪੰਜਾਬੀਆਂ ਲਈ ਪ੍ਰਾਈਵੇਟ ਖੇਤਰ ਵਿਚ ਨੌਕਰੀਆਂ ਲਈ ਮਾਹੌਲ ਸਿਰਜਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਲਈ 1,96,462 ਕਰੋੜ ਰੁਪਏ ਦਾ ਕੁੱਲ ਬਜਟ ਖਰਚਾ ਰੱਖਿਆ ਗਿਆ ਹੈ ਜਿਸ ਵਿਚ ਬੀਤੇ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 26 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।



