ਗੁਰਦਾਸਪੁਰ : ਗੁਰਦਾਸਪੁਰ ਵਿਖੇ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਵੱਲੋਂ ਬਲਾਕ ਸਿੱਖਿਆ ਅਧਿਕਾਰੀ (ਬੀ.ਪੀ.ਓ.) ਭੋਲਾ ਸਿੰਘ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਦਾ ਘਿਰਾਓ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਸਿੱਖਿਆ ਸਕੱਤਰ ਦੇ ਨਾਂ ਮੰਗ ਪੱਤਰ ਸੌਂਪਦਿਆਂ ਦੋਸ਼ ਲਾਇਆ ਕਿ ਉਕਤ ਅਧਿਕਾਰੀ ਵੱਲੋਂ ਮਹਿਲਾ ਅਧਿਆਪਕਾਵਾਂ ਨੂੰ ਲਗਾਤਾਰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਬੀ.ਪੀ.ਓ. ‘ਤੇ ਲੱਗੇ ਗੰਭੀਰ ਦੋਸ਼
ਫਰੰਟ ਦੀ ਜ਼ਿਲ੍ਹਾ ਕਨਵੀਨਰ ਬਲਵਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀ.ਪੀ.ਓ. ਭੋਲਾ ਸਿੰਘ ਖ਼ਿਲਾਫ਼ ਪਿਛਲੇ ਲਗਭਗ ਇੱਕ ਸਾਲ ਤੋਂ ਸੰਘਰਸ਼ ਜਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਫਤਿਹਗੜ੍ਹ ਚੂੜੀਆਂ ਅਤੇ ਕਾਦੀਆਂ ਬਲਾਕ ਵਿੱਚ ਤਾਇਨਾਤੀ ਦੌਰਾਨ ਵੀ ਮਹਿਲਾ ਅਧਿਆਪਕਾਵਾਂ ਨਾਲ ਕਥਿਤ ਤੌਰ ‘ਤੇ ਬਦਸਲੂਕੀ ਕੀਤੀ ਗਈ ਸੀ। ਵਾਰ-ਵਾਰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ।
ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਦੀ ਅਧਿਆਪਕਾ ਕਮਲਪ੍ਰੀਤ ਕੌਰ ਨੇ ਆਪਣੀ ਹੱਡਬੀਤੀ ਸਾਂਝੀ ਕਰਦਿਆਂ ਦੱਸਿਆ ਕਿ ਬੀ.ਪੀ.ਓ. ਵੱਲੋਂ ਨਾ ਸਿਰਫ਼ ਉਨ੍ਹਾਂ ਨਾਲ ਬਦਤਮੀਜ਼ੀ ਕੀਤੀ ਗਈ, ਸਗੋਂ ਵਿਦੇਸ਼ ਜਾਣ ਲਈ ਲੋੜੀਂਦੀ ‘ਐਨ.ਓ.ਸੀ.’ ਦੀ ਫ਼ਾਈਲ ਨੂੰ ਵੀ ਜਾਣਬੁੱਝ ਕੇ ਰੋਕ ਕੇ ਰੱਖਿਆ ਗਿਆ।
ਬੇਅਦਬੀ ਦੇ ਹੁਕਮਾਂ ਵਿੱਚ ਦੇਰੀ ਅਤੇ ਸੋਸ਼ਲ ਮੀਡੀਆ ਰਾਹੀਂ ਨਿਸ਼ਾਨਾ
ਮਹਿਲਾ ਆਗੂਆਂ ਨੇ ਦੱਸਿਆ ਕਿ ਵਿਵਾਦਾਂ ਵਿੱਚ ਘਿਰਣ ਤੋਂ ਬਾਅਦ ਭੋਲਾ ਸਿੰਘ ਦੀ ਬਦਲੀ ਪਹਿਲਾਂ ਚੁਨੀਰ ਬਲਾਕ ਅਤੇ ਫਿਰ ਡੇਰਾ ਬਾਬਾ ਨਾਨਕ ਬਲਾਕ ਵਿਖੇ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਪਰ ਨਵੇਂ ਸਥਾਨ ‘ਤੇ ਜੁਆਇਨ ਕਰਨ ਵਿੱਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਫਰੰਟ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਬਦਲੀ ਹੁਕਮਾਂ ਦੀ ਪਾਲਣਾ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇ।
ਇਸ ਦੇ ਨਾਲ ਹੀ ਆਗੂਆਂ ਨੇ ਇਹ ਵੀ ਇਲਜ਼ਾਮ ਲਾਇਆ ਕਿ ਸੋਸ਼ਲ ਮੀਡੀਆ ਉੱਤੇ ਕੁਝ ਪੋਸਟਾਂ ਅਤੇ ਸਟੇਟਸ ਰਾਹੀਂ ਮਹਿਲਾ ਅਧਿਆਪਕਾਵਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਮਨੋਬਲ ਉੱਤੇ ਮਾੜਾ ਅਸਰ ਪੈ ਰਿਹਾ ਹੈ।
ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ
ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਨੇ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਨਾ ਕੀਤੀ ਗਈ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਵੱਡੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

