ਚੰਡੀਗੜ੍ਹ (ਇੰਟ.)- ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿਟ ਸਾਹਮਣੇ ਪੇਸ਼ ਹੋਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਦੇ ਸੈਕਟਰ 32 ਵਿਚ ਬਣੇ ਪੰਜਾਬ ਪੁਲਿਸ ਦੇ ਹੈੱਡਕੁਆਰਟਰ ਵਿਚ ਪਹੁੰਚ ਗਏ ਹਨ।
ਇਸ ਤੋਂ ਪਹਿਲਾਂ ਬੀਤੇ ਕਲ੍ਹ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਕੋਟਕਪੂਰਾ ਗੋਲੀ ਮਾਮਲੇ ਦੀ ਮੁੜ ਹੋ ਰਹੀ ਜਾਂਚ ਵਿਚ ਸਿਆਸੀ ਦਖਲ ਦੇ ਕੇ ਇਸ ਮਾਮਲੇ ਵਿਚ ਬਾਦਲਾਂ ਨੂੰ ਫਸਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਵਲੋਂ ਇਸ ਮਾਮਲੇ ਵਿਚ ਦਖਲਅੰਦਾਜ਼ੀ ਕਰਨ ਅਤੇ ਜਾਅਲੀ ਕੇਸ ਦਰਜ ਕਰਵਾਉਣ ਲਈ ਸਾਜਿਸ਼ ਰਚਣ ਦੇ ਦੋਸ਼ ਹੇਠ ਕਾਂਗਰਸੀ ਆਗੂ ਰਾਹੁਲ ਗਾਂਧੀ, ਸੁਨੀਲ ਜਾਖੜ, ਐਸ ਆਈ ਟੀ ਮੈਂਬਰਾਂ, ਵਿਜੀਲੈਂਸ ਡਾਇਰੈਕਟਰ, ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਤੇ ਹੋਰ ਅਧਿਕਾਰੀਆਂ ਖਿਲਾਫ ਵੱਖ ਵੱਖ ਧਾਰਾਵਾਂ ਹੇਠ ਚੰਡੀਗੜ੍ਹ ਵਿਚ ਪੁਲੀਸ ਕੇਸ ਦਰਜ ਕਰਵਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸੂਬਾ ਸਰਕਾਰ ਨੂੰ ਨਵੀਂ ਐੱਸ.ਆਈ.ਟੀ. ਦੀ ਟੀਮ ਗਠਿਤ ਕਰਨ ਦੇ ਹੁਕਮ ਦਿੱਤੇ ਗਏ ਸਨ। ਮਈ ਵਿਚ ਗਠਿਤ ਇਹ ਟੀਮ ਇਹ ਜਾਂਚ ਕਰਨ ਵਿਚ ਲੱਗੀ ਹੋਈ ਹੈ ਕਿ 2015 ਵਿਚ ਸ਼ਾਂਤੀਪੂਰਨ ਤਰੀਕਿਆਂ ਨਾਲ ਧਰਨਾ ਦੇ ਰਹੇ ਸਿੱਖਾਂ ‘ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ। ਐੱਸ.ਆਈ.ਟੀ. ਦੀ ਟੀਮ ਇਸ ਮਾਮਲੇ ਵਿਚ ਘਟਨਾ ਵੇਲੇ ਮੌਜੂਦ ਉਸ ਸਮੇਂ ਦੇ ਪੁਲਿਸ ਅਧਿਕਾਰੀਆਂ ਕੋਲੋਂ ਵੀ ਪੁੱਛਗਿੱਛ ਕਰ ਰਹੀ ਹੈ।





