ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਪੂਰੇ ਪੰਜਾਬ ਵਿਚ ਸਰਕਾਰੀ ਕਾਲਜਾਂ ‘ਚ ਪੜਾ ਰਹੇ ਗੈਸਟ ਟੀਚਰਾਂ ਦੁਆਰਾ ਪੰਜਾਬ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਸਾਰੇ ਪ੍ਰੋਫੈਸਰ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਰੋਸ ਜਾਹਰ ਕਰ ਰਹੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਗੈਸਟ ਟੀਚਰਾਂ ਨੂੰ ਰੈਗੂਲਰ ਨਹੀਂ ਕਰ ਰਹੀ ਹੈ ਜਿਸ ਕਰਕੇ ਉਹ ਕੈਪਟਨ ਸਰਕਾਰ ਵਿਰੁੱਧ ਰੋਸ ਮੁਜ਼ਹਾਰਾ ਕਰ ਰਹੇ ਹਨ।
ਆਏ ਦਿਨ ਪੰਜਾਬ ਵਿਚ ਅਧਿਆਪਕਾਂ ਦੁਆਰਾ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਤੇ ਦੋ ਦਿਨ ਪਹਿਲਾਂ ਈਟੀਟੀ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਨੌਕਰੀ ਦੀ ਮੰਗਾਂ ਨੂੰ ਲੈ ਕੇ ਸੀਐਮ ਸਿਟੀ ਪਟਿਆਲਾ ਦਾ ਘਿਰਾਓ ਕੀਤਾ ਅਤੇ ਪ੍ਰਸ਼ਾਸਨ ਵੱਲੋਂ ਕੋਈ ਭਰੋਸਾ ਨਾ ਮਿਲਣ ‘ਤੇ ਇਕ ਅਧਿਆਪਕ ਨੇ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ ਸੀ ਅਤੇ ਅੱਜ ਬੁੱਧਵਾਰ ਨੂੰ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਦੁਆਰਾ ਸੂਬੇ ਦੇ ਵੱਖ-ਵੱਖ ਸਰਕਾਰੀ ਕਾਲਜਾਂ ਵਿਚ ਪੰਜਾਬ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਸ੍ਰੀ ਫਤਿਹਗੜ੍ਹ ਸਾਹਿਬ ਦੇ ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ, ਨੰਗਲ ਦੇ ਸਰਕਾਰੀ ਸ਼ਿਵਾਲਿਕ ਕਾਲਜ, ਹੁਸ਼ਿਆਰਪੁਰ ਸਰਕਾਰੀ ਕਾਲਜ, ਫਰੀਦਕੋਟ ਦੇ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਚ ਕਾਨਟ੍ਰੈਕਟ ਬੇਸ ਉੱਤੇ ਪੜਾ ਰਹੇ ਅਧਿਆਪਕ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਕੈਪਟਨ ਸਰਕਾਰ ਵਿਰੁੱਧ ਰੋਸ ਮੁਜ਼ਹਾਰਾ ਕੀਤਾ ਜਾ ਰਿਹਾ ਹੈ।
ਪ੍ਰਦਰਸ਼ਨ ਕਰ ਰਹੇ ਪ੍ਰੋਫੈਸਰਾਂ ਦਾ ਕਹਿਣਾ ਹੈ ਕਿ ਉਹ ਪਿਛਲੇ 10-15 ਸਾਲਾਂ ਤੋਂ ਕਾਨਟ੍ਰੈਕਟ ਬੇਸ ਉੱਤੇ ਸਰਕਾਰੀ ਕਾਲਜਾਂ ਵਿਚ ਪੜ੍ਹਾ ਰਹੇ ਹਨ ਅਤੇ ਹਰ ਸ਼ਰਤ ਦਾ ਪਾਲਣ ਕਰ ਰਹੇ ਹਨ ਪਰ ਹੁਣ ਤੱਕ ਉਨ੍ਹਾਂ ਨੂੰ ਰੈਗੁਲਰ ਨਹੀਂ ਕੀਤਾ ਗਿਆ। ਪ੍ਰੋਫੈਸਰਾਂ ਦਾ ਕਹਿਣਾ ਸੀ ਕਿ ਸਰਕਾਰੀ ਕਾਲਜਾਂ ਵਿਚ ਕਾਨਟ੍ਰੈਕਟ ਬੇਸਡ ਟੀਚਰ ਜਿਆਦਾ ਹਨ। ਸਰਕਾਰ ਉਨ੍ਹਾਂ ਨੂੰ ਪੱਕਾ ਕਰਨ ਵਾਸਤੇ ਨਵੀਂ-ਨਵੀਂ ਸ਼ਰਤਾਂ ਰੱਖ ਦਿੰਦੀ ਹੈ ਪਰ ਹੁਣ ਉਹ ਕੋਈ ਵੀ ਸ਼ਰਤ ਨਹੀਂ ਮੰਨਣਗੇ ਅਤੇ ਜਦੋਂ ਤੱਕ ਉਨ੍ਹਾਂ ਨੂੰ ਸਰਕਾਰੀ ਕਾਲਜਾਂ ਵਿਚ ਰੈਗੂਲਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਆਪਣਾ ਪ੍ਰਦਰਸ਼ਨ ਇਵੇਂ ਹੀ ਜਾਰੀ ਰੱਖਣਗੇ।
ਵੱਖ-ਵੱਖ ਕਾਲਜਾਂ ਵਿਚ ਪ੍ਰੋਫਸਰਾਂ ਦੇ ਪ੍ਰਦਰਸ਼ਨ ਕਰਕੇ ਵਿਦਿਆਰਥੀਆਂ ਦੀਆਂ ਕਲਾਸਾਂ ਵੀ ਨਹੀਂ ਲੱਗ ਰਹੀਆਂ ਹਨ। ਵਿਦਿਆਰਥੀਆਂ ਦਾ ਵੀ ਇਹੀ ਕਹਿਣਾ ਹੈ ਕਿ ਸਰਕਾਰੀ ਨੂੰ ਗੈਸਟ ਟੀਚਰਾਂ ਦੀ ਮੰਗ ਮੰਨ ਕੇ ਉਨ੍ਹਾਂ ਨੂੰ ਰੈਗੂਲਰ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਪੜਾਈ ਵਿਚ ਕੋਈ ਅੜਚਨ ਪੇਸ਼ ਨਾ ਆਵੇ।



