ਦਿੱਲੀ : ਰਾਜਧਾਨੀ ਦਿੱਲੀ ਵਿੱਚ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਅਤੇ ਸਿੱਖਿਆ ਪ੍ਰਣਾਲੀ ਦੇ ਮੁੱਦੇ ‘ਤੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੇ ਪ੍ਰਮੁੱਖ ਆਗੂਆਂ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਨੇ ਕਈ ਵੱਡੇ ਕਾਂਗਰਸੀ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲਾਤ ਨੂੰ ਵੇਖਦਿਆਂ ਧਰਨੇ ਵਾਲੀ ਥਾਂ ਦੇ ਆਸ-ਪਾਸ ਅਰਧ-ਸੈਨਿਕ ਬਲਾਂ ਦੀ ਤੈਨਾਤੀ ਕਰ ਦਿੱਤੀ ਗਈ ਹੈ।
ਧਰਨੇ ਵਾਲੀ ਥਾਂ ਪਹੁੰਚੇ ਕੇਂਦਰੀ ਮੰਤਰੀ ਜੀਤੇਂਦਰ ਸਿੰਘ
ਰਾਹੁਲ ਗਾਂਧੀ ਦੇ ਧਰਨੇ ‘ਤੇ ਬੈਠਣ ਤੋਂ ਕੁਝ ਹੀ ਸਮੇਂ ਬਾਅਦ ਕੇਂਦਰੀ ਮੰਤਰੀ ਜੀਤੇਂਦਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਧਰਨਾ ਖ਼ਤਮ ਕਰਨ ਦੀ ਅਪੀਲ ਕੀਤੀ। ਇਸ ਪ੍ਰਦਰਸ਼ਨ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ,ਵਾਇਨਾਡ ਤੋਂ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ, ਕੇ.ਸੀ. ਵੇਣੂਗੋਪਾਲ ਅਤੇ ਪਵਨ ਖੇੜਾ ਸਮੇਤ ਕਈ ਸੀਨੀਅਰ ਨੇਤਾ ਸ਼ਾਮਲ ਸਨ।ਸੰਸਦ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਕਿ ਸਰਕਾਰ ਸੰਸਦ ਵਿੱਚ ਇਸ ਮੁੱਦੇ ‘ਤੇ ਬਹਿਸ ਕਰਨ ਤੋਂ ਭੱਜ ਰਹੀ ਹੈ, ਜਿਸ ਕਰਕੇ ਉਨ੍ਹਾਂ ਕੋਲ ਸੜਕਾਂ ‘ਤੇ ਉੱਤਰਨ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਬਚਿਆ ਸੀ।
छात्रों पर हमला हर भारतीय परिवार पर हमला है।
प्रधानमंत्री मोदी को लगता है कि वो बिना जवाब दिए, बिना किसी नतीजे का सामना किए बच निकलेंगे – नहीं कर पाएंगे, इस बार तो बिल्कुल नहीं।
मैं हर उस देशभक्त भारतीय से अपील करता हूं जो मानता है कि हमारे छात्रों को न्याय मिलना चाहिए -…
— Rahul Gandhi (@RahulGandhi) July 21, 2026
ਗ੍ਰਹਿ ਮੰਤਰੀ ਦੇ ਬਿਆਨ ਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ‘ਤੇ ਅੜੀ ਕਾਂਗਰਸ
ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਪਾਰਟੀ ਦੀਆਂ ਮੰਗਾਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਗ੍ਰਹਿ ਮੰਤਰੀ ਸੰਸਦ ਵਿੱਚ ਆ ਕੇ ਦੇਸ਼ ਦੇ ਸੰਵਿਧਾਨ ਅਤੇ ਵਿਦਿਆਰਥੀਆਂ ‘ਤੇ ਹੋ ਰਹੇ ਅੱਤਿਆਚਾਰਾਂ ‘ਤੇ ਆਪਣਾ ਸਪੱਸ਼ਟੀਕਰਨ ਦੇਣ। ਉਨ੍ਹਾਂ ਕਿਹਾ ਕਿ ਪਾਰਟੀ ਪਿਛਲੇ 45 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ। ਉੱਥੇ ਹੀ ਸੰਸਦ ਮੈਂਬਰ ਮਣਿਕਮ ਟੈਗੋਰ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਜਦੋਂ ਚੁਣੇ ਹੋਏ ਸੰਸਦ ਮੈਂਬਰਾਂ ਨਾਲ ਅਜਿਹਾ ਵਿਵਹਾਰ ਕੀਤਾ ਜਾ ਰਿਹਾ ਹੈ, ਤਾਂ ਆਮ ਵਿਦਿਆਰਥੀਆਂ ਨਾਲ ਕੀ ਬੀਤੀ ਹੋਵੇਗੀ, ਇਸ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ।
ਚਰਨਜੀਤ ਚੰਨੀ ਅਤੇ ਕਨ੍ਹੱਈਆ ਕੁਮਾਰ ਸਮੇਤ ਕਈ ਆਗੂ ਹਿਰਾਸਤ ‘ਚ
ਕਾਰਵਾਈ ਕਰਦਿਆਂ ਦਿੱਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਕੇ. ਸੁਰੇਸ਼, ਅਤੇ ਕਨ੍ਹੱਈਆ ਕੁਮਾਰ ਸਮੇਤ ਕਈ ਨੇਤਾਵਾਂ ਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਇਸ ਦੌਰਾਨ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਪੋਸਟ ਪਾ ਕੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ, “ਵਿਦਿਆਰਥੀਆਂ ‘ਤੇ ਹਮਲਾ ਹਰ ਭਾਰਤੀ ਪਰਿਵਾਰ ‘ਤੇ ਹਮਲਾ ਹੈ। ਪ੍ਰਧਾਨ ਮੰਤਰੀ ਜਵਾਬਦੇਹੀ ਤੋਂ ਬਚ ਨਹੀਂ ਸਕਦੇ। ਮੈਂ ਹਰ ਦੇਸ਼ ਭਗਤ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਪ੍ਰਧਾਨ ਮੰਤਰੀ ਆਵਾਸ ਦੇ ਸਾਹਮਣੇ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਣ।”
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

