ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜਿੱਥੇ ਇਕ ਪਾਸੇ ਅੱਜ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦੇ ਦੋ ਮਰੀਜ਼ ਪਾਏ ਗਏ ਹਨ ਉੱਥੇ ਹੀ ਕੋਰੋਨਾ ਵਾਇਰਸ ਦੀ ਲਾਗ ਦੇ ਤਿੰਨ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਰਕੇ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਸੰਖਿਆ ਵੱਧ ਕੇ 34 ਹੋ ਗਈ ਹੈ।
ਮੀਡੀਆ ਰਿਪੋਰਟਾ ਅਨੁਸਾਰ ਲੱਦਾਖ ਦੇ ਦੋ ਵਿਅਕਤੀਆਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਜੋ ਕਿ ਈਰਾਨ ਤੋਂ ਭਾਰਤ ਵਾਪਸ ਪਰਤੇ ਸਨ ਉੱਥੇ ਹੀ ਤਾਮਿਲਨਾਡੂ ਵਿਚ ਵੀ ਇਕ ਮਾਮਲੇ ਦੀ ਪੁਸ਼ਟੀ ਹੋ ਚੁੱਕੀ ਹੈ ਇਹ ਵਿਅਕਤੀ ਓਮਾਨ ਤੋਂ ਭਾਰਤ ਵਾਪਸ ਪਰਤਿਆ ਸੀ ਇਨ੍ਹਾਂ ਤਿੰਨਾਂ ਵਿਅਤੀਆਂ ਦਾ ਹਸਪਤਾਲ ਵਿਚ ਇਲਾਜ ਜਾਰੀ ਹੈ। ਲਗਾਤਾਰ ਵੱਧ ਰਹੇ ਮਾਮਲਿਆਂ ਕਾਰਨ ਭਾਰਤ ਵਿਚ ਕੋਰੋਨਾ ਵਾਇਰਸ ਦੇ ਕਹਿਰ ਦਾ ਖਤਰਾ ਵੀ ਵੱਧ ਰਿਹਾ ਹੈ ਕਿਉਂਕਿ ਇੰਨੇ ਮਾਮਲੇ ਕੇਵਲ ਤਿੰਨ ਤੋਂ ਚਾਰ ਦਿਨਾਂ ਵਿਚ ਸਾਹਮਣੇ ਆ ਚੁੱਕੇ ਹਨ।
ਉੱਧਰ ਅੰਮ੍ਰਿਤਸਰ ਵਿਚ ਜਿਹੜੇ ਦੋ ਵਿਅਕਤੀ ‘ਚ ਕੋਰੋਨਾ ਵਾਇਰਸ ਦੀ ਲਾਗ ਪਾਈ ਗਈ ਹੈ ਉਹ ਵੀ ਇਟਲੀ ਤੋਂ ਭਾਰਤ ਵਾਪਸ ਪਰਤੇ ਸਨ। ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਸੱਭ ਤੋਂ ਪਹਿਲਾਂ ਕੇਵਲ ਕੇਰਲਾ ਵਿਚ ਤਿੰਨ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਸੀ ਪਰ ਇਲਾਜ ਤੋਂ ਬਾਅਦ ਤਿੰਨੋਂ ਪੂਰੀ ਤਰ੍ਹਾ ਠੀਕ ਹੋ ਗਏ ਸਨ।
ਦੱਸ ਦਈਏ ਕਿ ਕੋਰੋਨਾ ਵਾਇਰਸ ਦੀ ਸ਼ੁਰੂਆਤ ਚੀਨ ਦੇ ਵੁਹਾਨ ਸ਼ਹਿਰ ਤੋਂ ਹੋਈ ਸੀ। ਇਸ ਤੋਂ ਬਾਅਦ ਇਸ ਵਾਇਰਸ ਨੇ ਮਹਾਮਾਰੀ ਦਾ ਰੂਪ ਲੈ ਲਿਆ ਹੈ। ਚੀਨ ਵਿਚ ਲਗਭਗ 3070 ਮੌਤਾ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਹੋ ਚੁੱਕੀਆਂ ਹਨ ਜਦਕਿ 80 ਹਜਾਰ ਤੋਂ ਜਿਆਦਾ ਲੋਕ ਇਸ ਦੀ ਚਪੇਟ ਵਿਚ ਆ ਚੁੱਕੇ ਹਨ। ਇਹ ਵਾਇਰਸ ਦੁਨੀਆਂ ਦੇ ਕਈ ਦੇਸ਼ਾਂ ਵਿਚ ਆਪਣੇ ਪੈਰ ਪਸਾਰ ਚੁੱਕਿਆ ਹੈ।


