ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਭਾਰਤ ਵਿਚ ਆਪਣੇ ਪੈਰ ਪਸਾਰ ਲਏ ਹਨ। ਹਰ ਨਵੇਂ ਦਿਨ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੇ ਕੇਸ ਸਾਹਮਣੇ ਆ ਰਹੀ ਹਨ। ਬੀਤੇ ਦਿਨ ਇਹ ਸੰਖਿਆ 84 ਸੀ ਅਤੇ ਅੱਜ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਨੇ 100 ਦੇ ਅੰਕੜੇ ਨੂੰ ਪਾਰ ਕਰ ਲਿਆ ਹੈ। ਉੱਥੇ ਹੀ ਕੋਰੋਨਾ ਵਾਇਰਸ ਭਾਰਤ ਵਿਚ ਦੋ ਲੋਕਾਂ ਦੀ ਜਾਨ ਲੈ ਚੁੱਕਿਆ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਕੋਰੋਨਾ ਵਾਇਰਸ ਦੀ ਹੁਣ ਤੱਕ 105 ਲੋਕਾਂ ਨੂੰ ਲਾਗ ਲੱਗ ਚੁੱਕੀ ਹੈ। ਭਾਵ ਕੋਰੋਨਾ ਦੇ 21 ਹੋਰ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਉੱਥੇ ਹੀ 10 ਲੋਕਾਂ ਦੀ ਸਿਹਤ ਵਿਚ ਸੁਧਾਰ ਵੀ ਹੋਇਆ ਹੈ ਜਦਕਿ ਬਾਕੀਆਂ ਦਾ ਇਲਾਜ ਜਾਰੀ ਹੈ। ਕੋਰੋਨਾ ਵਾਇਰਸ ਨਾਲ ਇਕ ਪੁਰਸ਼ ਅਤੇ ਔਰਤ ਨੇ ਆਪਣੀ ਜਾਨ ਵੀ ਗਵਾ ਦਿੱਤੀ ਹੈ। ਕਰਨਾਟਕਾ ਦੇ ਕੁਲਬਰਗੀ ਵਿਚ 76 ਸਾਲਾਂ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਉੱਥੇ ਹੀ ਦਿੱਲੀ ਵਿਚ ਵੀ 65 ਸਾਲਾਂ ਔਰਤ ਨੇ ਕੋਰੋਨਾ ਵਾਇਰਸ ਕਾਰਨ ਆਪਣੀ ਜਾਨ ਤੋਂ ਹੱਥ ਧੋ ਦਿੱਤੇ ਹਨ।
ਬੀਤੇ ਦਿਨ ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਵਿਸ਼ਵ ਸਿਹਤ ਸੰਗਠਨ ਨੇ ਵੀ ਇਸ ਨੂੰ ਮਹਾਮਾਰੀ ਐਲਾਨ ਦਿੱਤਾ ਸੀ ਜਿਸ ਤੋਂ ਬਾਅਦ ਭਾਰਤ ਦੇ ਕਈ ਸੂਬਿਆਂ ਨੇ ਵੀ ਕੋਰੋਨਾ ਵਾਇਰਸ ਨੂੰ ਮਹਾਮਾਰੀ ਘੋਸ਼ਿਤ ਕਰ ਦਿੱਤਾ ਹੈ ਅਤੇ 31 ਮਾਰਚ ਤੱਕ ਸਾਰੇ ਸਕੂਲਾਂ-ਕਾਲਜਾਂ, ਸਿਨੇਮਾ ਘਰ, ਜਿੰਮ ਆਦਿ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਕੋਰੋਨਾ ਵਾਇਸ ਹੁਣ ਤੱਕ ਦੁਨੀਆਂ ਦੇ 124 ਤੋਂ ਵੱਧ ਦੇਸ਼ਾਂ ਵਿਚ ਆਪਣੇ ਪੈਰ ਜਮਾ ਚੁੱਕਿਆ ਹੈ। ਹੁਣ ਤੱਕ ਪੂਰੀ ਦੁਨੀਆਂ ਵਿਚ ਡੇਢ ਲੱਖ ਲੋਕ ਇਸ ਮਹਾਮਾਰੀ ਦੇ ਸ਼ਿਕਾਰ ਹੋ ਚੁੱਕੇ ਹਨ ਜਦਕਿ 5 ਹਜਾਰ ਤੋਂ ਵੱਧ ਲੋਕਾਂ ਨੇ ਆਪਣੀ ਜਾਨ ਗਵਾਈ ਹੈ।


