ਜਲਾਲਾਬਾਦ: ਹਲਕਾ ਜਲਾਲਾਬਾਦ ਦੇ ਪਿੰਡ ਜੈਮਲ ਸਿੰਘ ਵਾਲਾ ਅਤੇ ਆਸ-ਪਾਸ ਦੇ ਦਰਜਨਾਂ ਪਿੰਡਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਅੱਜ ਮੌਜਮ ਡਰੇਨ ‘ਤੇ 9 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮਸ਼ਹੂਰ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ, ਜਿਨ੍ਹਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।
10 ਤੋਂ 12 ਪਿੰਡਾਂ ਦੀ ਕਨੈਕਟਿਵਿਟੀ ਹੋਵੇਗੀ ਆਸਾਨ
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਇਸ ਪੁਲ ਦੇ ਬਣਨ ਨਾਲ ਇਲਾਕੇ ਦੇ 10 ਤੋਂ 12 ਪਿੰਡਾਂ ਨੂੰ ਸਿੱਧਾ ਫਾਇਦਾ ਪਹੁੰਚੇਗਾ। ਪਹਿਲਾਂ ਇਸ ਡਰੇਨ ‘ਤੇ ਪੁਲ ਨਾ ਹੋਣ ਕਾਰਨ ਲੋਕਾਂ ਨੂੰ ਅੱਠ ਤੋਂ ਦਸ ਕਿਲੋਮੀਟਰ ਦਾ ਵਾਧੂ ਸਫ਼ਰ ਤੈਅ ਕਰਕੇ ਪਿੰਡ ਜੈਮਲ ਸਿੰਘ ਵਾਲਾ ਪਹੁੰਚਣਾ ਪੈਂਦਾ ਸੀ। ਇਸ ਪੁਲ ਦੇ ਮੁਕੰਮਲ ਹੋਣ ਤੋਂ ਬਾਅਦ ਮੰਡੀ ਰੋੜਾਂ ਵਾਲੀ ਤੋਂ ਜਲਾਲਾਬਾਦ ਤੱਕ ਦੀ ਰੋਡ ਕਨੈਕਟਿਵਿਟੀ ਸਿੱਧੀ ਹੋ ਜਾਵੇਗੀ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੱਡੀ ਬਚਤ ਹੋਵੇਗੀ।
ਲਖਵਿੰਦਰ ਸਿੰਘ ਨੇ ਯਾਦ ਕੀਤੇ 1988 ਦੇ ਦਿਨ
ਨੀਂਹ ਪੱਥਰ ਰੱਖਣ ਦੀ ਰਸਮ ਮੌਕੇ ਸ਼ੁਭਮਨ ਗਿੱਲ ਦੇ ਪਿਤਾ ਛਿੰਦਾ ਗਿੱਲ ਭਾਵੁਕ ਨਜ਼ਰ ਆਏ। ਉਨ੍ਹਾਂ ਨੇ ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਦੱਸਿਆ ਕਿ 1988 ਦੇ ਹੜ੍ਹਾਂ ਦੌਰਾਨ ਉਨ੍ਹਾਂ ਨੂੰ ਇਸੇ ਜਗ੍ਹਾ ਤੋਂ ਬਹੁਤ ਮੁਸ਼ਕਿਲ ਹਾਲਾਤਾਂ ਵਿੱਚ ਗੁਜ਼ਰਨਾ ਪਿਆ ਸੀ। ਉਨ੍ਹਾਂ ਕਿਹਾ, “ਉਸ ਵੇਲੇ ਪਾਣੀ ਦਾ ਵਹਾਅ ਇੰਨਾ ਤੇਜ਼ ਸੀ ਕਿ ਅਸੀਂ ਬੜੇ ਡਰ ਦੇ ਸਾਏ ਹੇਠ ਇਸ ਰਸਤੇ ਨੂੰ ਪਾਰ ਕੀਤਾ ਸੀ। ਅੱਜ ਇੱਥੇ ਪੁਲ ਬਣਦਾ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਹ ਪੁਲ ਇਲਾਕੇ ਦੀ ਤਰੱਕੀ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।
ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ
ਪੁਲ ਦਾ ਕੰਮ ਸ਼ੁਰੂ ਹੋਣ ਨਾਲ ਪਿੰਡ ਜੈਮਲ ਸਿੰਘ ਵਾਲਾ ਸਮੇਤ ਹੋਰਨਾਂ ਪਿੰਡਾਂ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਵੇਲੇ ਇਹ ਮੰਗ ਲਗਾਤਾਰ ਅਣਗੌਲੀ ਰਹੀ ਸੀ, ਪਰ ਮੌਜੂਦਾ ਵਿਧਾਇਕ ਦੇ ਯਤਨਾਂ ਸਦਕਾ ਹੁਣ ਇਹ ਵੱਡਾ ਪ੍ਰੋਜੈਕਟ ਹਕੀਕਤ ਬਣਨ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕਰਦਿਆਂ ਲੋਕਾਂ ਨੇ ਕਿਹਾ ਕਿ ਇਸ ਨਾਲ ਖੇਤੀਬਾੜੀ ਅਤੇ ਆਵਾਜਾਈ ਦੇ ਕੰਮਾਂ ਵਿੱਚ ਵੱਡੀ ਸਹੂਲਤ ਮਿਲੇਗੀ।



