ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ‘ਦੇਸ਼ ਬਚਾਓ ਮੋਰਚੇ’ ਦੇ ਸੱਦੇ ‘ਤੇ ਕੱਲ੍ਹ ਦੇਸ਼ ਭਰ ਵਿੱਚ ਵੱਡੇ ਪੱਧਰ ‘ਤੇ ਮੋਟਰਸਾਈਕਲ ਰੋਸ ਮਾਰਚ ਕੱਢੇ ਜਾਣਗੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਦਾ ਐਲਾਨ ਕਰਦਿਆਂ ਸਾਫ਼ ਕੀਤਾ ਕਿ ਇਹ ਸਮਝੌਤਾ ਦੇਸ਼ ਦੇ ਅੰਨਦਾਤੇ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਦੀ ਆਰਥਿਕਤਾ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦੇਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਇਤਿਹਾਸ ਦਾ ਸਭ ਤੋਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਪੰਜਾਬ ਦੇ 23 ਜ਼ਿਲ੍ਹਿਆਂ ਸਮੇਤ ਕਈ ਸੂਬਿਆਂ ‘ਚ ਹੋਵੇਗਾ ਜ਼ੋਰਦਾਰ ਪ੍ਰਦਰਸ਼ਨIndia-US
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਸ ਵਿਰੋਧ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ ਲਈ ਦੇਸ਼ ਭਰ ਦੀਆਂ ਪ੍ਰਮੁੱਖ ਜਥੇਬੰਦੀਆਂ ਇੱਕਜੁਟ ਹੋ ਗਈਆਂ ਹਨ। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਮੋਟਰਸਾਈਕਲ ਮਾਰਚ ਕੱਢੇ ਜਾਣਗੇ, ਜਿਸ ਵਿੱਚ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਆਜ਼ਾਦ ਕਿਸਾਨ ਮੋਰਚਾ ਵਰਗੀਆਂ ਧਿਰਾਂ ਸ਼ਮੂਲੀਅਤ ਕਰਨਗੀਆਂ। ਹਰਿਆਣਾ ਵਿੱਚ ਬੀਕੇਯੂ (ਸ਼ਹੀਦ ਭਗਤ ਸਿੰਘ) ਅਤੇ ਬੀਕੇਯੂ (ਚੜੂਨੀ) ਮੋਰਚਾ ਸੰਭਾਲਣਗੇ। ਇਸ ਤੋਂ ਇਲਾਵਾ ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਹਿਮਾਚਲ ਸਹਿਤ ਕਈ ਹੋਰ ਰਾਜਾਂ ਵਿੱਚ ਵੀ ਸਾਈਕਲ ਤੇ ਮੋਟਰਸਾਈਕਲ ਮਾਰਚ ਰਾਹੀਂ ਰੋਸ ਪ੍ਰਗਟਾਇਆ ਜਾਵੇਗਾ।
“ਆਤਮਨਿਰਭਰ ਭਾਰਤ ਨੂੰ ਵਿਦੇਸ਼ੀ ਦਰਾਮਦ ਦੀ ਲੋੜ ਨਹੀਂ”
ਸਮਝੌਤੇ ਦੇ ਨੁਕਸਾਨਾਂ ਬਾਰੇ ਗੱਲ ਕਰਦਿਆਂ ਪੰਧੇਰ ਨੇ ਦਾਅਵਾ ਕੀਤਾ ਕਿ ਭਾਰਤ ਖੇਤੀਬਾੜੀ ਖੇਤਰ ਵਿੱਚ ਪੂਰੀ ਤਰ੍ਹਾਂ ਆਤਮਨਿਰਭਰ ਹੈ। ਇੱਥੇ ਅਨਾਜ, ਦਾਲਾਂ, ਫਲ ਅਤੇ ਸਬਜ਼ੀਆਂ ਦਾ ਰਿਕਾਰਡ ਉਤਪਾਦਨ ਹੁੰਦਾ ਹੈ, ਜਿਸ ਕਾਰਨ ਬਾਹਰੋਂ ਖੇਤੀ ਉਤਪਾਦ ਮੰਗਵਾਉਣ ਦਾ ਕੋਈ ਤਰਕ ਨਹੀਂ ਬਣਦਾ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਅਮਰੀਕੀ ਉਤਪਾਦ ਜ਼ੀਰੋ ਜਾਂ ਬਹੁਤ ਘੱਟ ਟੈਕਸ ‘ਤੇ ਭਾਰਤੀ ਬਾਜ਼ਾਰਾਂ ਵਿੱਚ ਆਉਣਗੇ, ਤਾਂ ਦੇਸ਼ ਦੇ ਛੋਟੇ ਕਿਸਾਨ ਉਨ੍ਹਾਂ ਦਾ ਮੁਕਾਬਲਾ ਨਹੀਂ ਕਰ ਸਕਣਗੇ, ਕਿਉਂਕਿ ਅਮਰੀਕਾ ਵਿੱਚ ਖੇਤੀ ਕੰਪਨੀਆਂ ਨੂੰ ਭਾਰੀ ਸਰਕਾਰੀ ਸਬਸਿਡੀਆਂ ਮਿਲਦੀਆਂ ਹਨ।
ਦੇਸ਼ਵਾਸੀਆਂ ਨੂੰ ਅਪੀਲ ਅਤੇ ਕੇਂਦਰ ਨੂੰ ਸਿੱਧੀ ਚੇਤਾਵਨੀ
ਕਿਸਾਨ ਆਗੂ ਨੇ ਸਮੂਹ ਨਾਗਰਿਕਾਂ, ਮੁਲਾਜ਼ਮਾਂ ਅਤੇ ਵਪਾਰੀਆਂ ਨੂੰ ਕੱਲ੍ਹ ਦੇ ਮਾਰਚ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਬਲਕਿ ਦੇਸ਼ ਦੀ ਆਰਥਿਕ ਸੰਪ੍ਰਭੂਤਾ ਦੀ ਹੈ। ਜੇਕਰ ਕੇਂਦਰ ਸਰਕਾਰ ਨੇ ਇਸ ਸਮਝੌਤੇ ਨੂੰ ਤੁਰੰਤ ਰੱਦ ਨਾ ਕੀਤਾ, ਤਾਂ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਪੁਰਾਣੇ ਅੰਦੋਲਨ ਨੂੰ ਵੀ ਪਿੱਛੇ ਛੱਡਣ ਵਾਲਾ ਇੱਕ ਨਵਾਂ ਅਤੇ ਵਿਸ਼ਾਲ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Terrible incident: ਦੇਰ ਰਾਤ ਕਮਰੇ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ, ਦੋ ਧੀਆਂ ਦੀ ਹਾਲਤ ਨਾਜ਼ੁਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

