ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਹੁਣ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਵੀ ਕਰਫਿਊ ਲਗਾਉਣ ਦਾ ਹੁਕਮ ਦਿੱਤਾ ਗਿਆ ਹੈ ਜੋ ਕਿ ਅੱਜ ਰਾਤ ਤੋਂ ਲਾਗੂ ਹੋ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਅਤੇ ਮਹਾਰਾਸ਼ਟਰ ਦੀਆਂ ਸਰਕਾਰਾਂ ਨੇ ਵੀ ਆਪਣੇ-ਆਪਣੇ ਸੂਬਿਆ ਵਿਚ ਕਰਫਿਊ ਲਗਾ ਦਿੱਤਾ ਹੈ।
ਦਰਅਸਲ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ ਪੀ ਸਿੰਘ ਬਦਨੌਰ ਨੇ ਸੋਮਵਾਰ ਅਤੇ ਮੰਗਲਵਾਰ ਦੀ ਰਾਤ ਨੂੰ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਕਰਫਿਊ ਲਗਾਉਣ ਦਾ ਹੁਕਮ ਦਿੱਤਾ ਹੈ ਜੋ ਕਿ ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗਾ। ਕਰਫਿਊ ਦੌਰਾਨ ਸ਼ਹਿਰ ਦੇ ਸਾਰੇ ਵਸਨੀਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਚੰਡੀਗੜ੍ਹ ਪੁਲਿਸ ਦੇ ਡੀਜੀਪੀ ਨੂੰ ਸੰਜੇ ਬੈਨੀਵਾਲ ਨੂੰ ਇਹ ਹੁਕਮ ਸਖਤੀ ਨਾਲ ਲਾਗੂ ਕਰਵਾਉਣ ਲਈ ਕਿਹਾ ਗਿਆ ਹੈ। ਕਰਫਿਊ ਦੌਰਾਨ ਇਸੈਨਸੀਅਲ ਸਰਵੀਸ ਜਾਰੀ ਰਹਿਣਗੀਆਂ, ਬਾਕੀ ਸਾਰੀਆਂ ਗੈਰ ਜਰੂਰੀ ਸੇਵਾਵਾਂ ਉੱਤੇ ਪਾਬੰਦੀਆਂ ਲਗਾ ਦਿੱਤੀਆਂ ਹਨ । ਦੱਸ ਦਈਏ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਚ ਹੁਣ ਤੱਕ 7 ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਦੇਸ਼ ਵਿਚ ਕਰਫਿਊ ਸੱਭ ਤੋਂ ਪਹਿਲਾਂ ਪੰਜਾਬ ਵਿਚ ਲਾਗੂ ਕੀਤਾ ਗਿਆ ਹੈ ਉਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿਚ ਕਰਫਿਊ ਲਗਾਉਣ ਦਾ ਹੁਕਮ ਦਿੱਤਾ ਹੈ ਕਿਉਂਕਿ ਮਹਾਰਾਸ਼ਟਰ ਕੋਰੋਨਾ ਨਾਲ ਸੱਭ ਤੋਂ ਜਿਆਦਾ ਪ੍ਰਭਾਵਿਤ ਹੋਣ ਵਾਲਾ ਸੂਬਾ ਬਣ ਚੁੱਕਿਆ ਹੈ ਇੱਥੇ 80 ਤੋਂ ਵੱਧ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ ਜਦਕਿ 3 ਮੌਤਾਂ ਦੀ ਪੁਸ਼ਟੀ ਹੋਈ ਹੈ।

