ਫਿਰੋਜ਼ਪੁਰ : ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕੇ ਵਿੱਚ ਸੀ.ਆਈ.ਏ. ਜ਼ੀਰਾ ਅਤੇ ਪੁਲਿਸ ਟੀਮਾਂ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਹੋਈ। ਇਸ ਮੁਕਾਬਲੇ ਦੌਰਾਨ ਦੋਵੇਂ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰਕੇ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਹੈ।
ਨਾਕਾਬੰਦੀ ਦੌਰਾਨ ਪੁਲਿਸ ‘ਤੇ ਕੀਤੀ ਗਈ ਫ਼ਾਇਰਿੰਗ
ਐੱਸ.ਐੱਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਜ਼ੀਰਾ ਅਤੇ ਐੱਸ.ਐੱਚ.ਓ. ਮੱਲਾਂਵਾਲਾ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਇਲਾਕੇ ਵਿੱਚ ਸਪੈਸ਼ਲ ਨਾਕਾਬੰਦੀ ਕੀਤੀ ਗਈ ਸੀ। ਚੈਕਿੰਗ ਦੌਰਾਨ ਹਰਜੀਤ ਸਿੰਘ ਅਤੇ ਦਿਲਬਾਗ ਸਿੰਘ ਨਾਮਕ ਦੋਵੇਂ ਬਦਮਾਸ਼ ਮੋਟਰਸਾਈਕਲ ‘ਤੇ ਸਵਾਰ ਹੋ ਕੇ ਉੱਥੋਂ ਲੰਘ ਰਹੇ ਸਨ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਤਾਂ ਉਨ੍ਹਾਂ ਨੇ ਰੁਕਣ ਦੀ ਬਜਾਏ ਪੁਲਿਸ ਟੀਮ ‘ਤੇ ਅੰਨ੍ਹੇਵਾਹ ਫ਼ਾਇਰਿੰਗ ਸ਼ੁਰੂ ਕਰ ਦਿੱਤੀ।
ਜਵਾਬੀ ਕਾਰਵਾਈ ਵਿੱਚ ਜ਼ਖ਼ਮੀ ਹੋਏ ਬਦਮਾਸ਼
ਪੁਲਿਸ ਵੱਲੋਂ ਆਪਣੀ ਸੁਰੱਖਿਆ ਲਈ ਕੀਤੀ ਗਈ ਜਵਾਬੀ ਫ਼ਾਇਰਿੰਗ ਵਿੱਚ ਦੋਵੇਂ ਬਦਮਾਸ਼ ਜ਼ਖ਼ਮੀ ਹੋ ਗਏ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਫ਼ਿਰੌਤੀ ਮੰਗਣ ਵਾਲੇ ਗਰੋਹ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਲਈ ਗੁਰਗਿਆਂ ਵਜੋਂ ਕੰਮ ਕਰਦੇ ਸਨ। ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਬਾਕੀ ਸਾਥੀਆਂ ਦਾ ਵੀ ਪਰਦਾਫਾਸ਼ ਕੀਤਾ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


