ਫਾਜਿਲਕਾ : ਫਾਜਿਲਕਾ ਜ਼ਿਲ੍ਹੇ ਦੇ ਮੰਡੀ ਅਰਨੀਵਾਲਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਚੋਰੀ ਦੇ ਸ਼ੱਕ ਵਿੱਚ ਕੁੱਝ ਲੋਕਾਂ ਵੱਲੋਂ ਇੱਕ ਨੌਜਵਾਨ ਨਾਲ ਬੇਰਹਿਮੀ ਨਾਲ ਮਾਰਕੁੱਟ ਕੀਤੀ ਗਈ। ਮਾਮਲਾ ਇੰਨਾ ਗੰਭੀਰ ਹੋ ਗਿਆ ਕਿ ਨੌਜਵਾਨ ਦੀ ਮਾਨਸਿਕ ਹਾਲਤ ਵਿਗੜ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਜੰਜੀਰਾਂ ਨਾਲ ਬੰਨ੍ਹ ਕੇ ਹਸਪਤਾਲ ਲੈ ਕੇ ਪਹੁੰਚੇ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਨੌਜਵਾਨ ਨਾਲ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਉਸ ਦੇ ਸਿਰ ‘ਤੇ ਗੰਭੀਰ ਸੱਟਾਂ ਮਾਰੀਆਂ ਗਈਆਂ ਅਤੇ ਉਸ ਦੇ ਕੱਪੜੇ ਵੀ ਉਤਾਰ ਦਿੱਤੇ ਗਏ। ਪਰਿਵਾਰ ਦਾ ਕਹਿਣਾ ਹੈ ਕਿ ਘਟਨਾ ਤੋਂ ਪਹਿਲਾਂ ਉਨ੍ਹਾਂ ਦਾ ਬੇਟਾ ਬਿਲਕੁਲ ਤੰਦਰੁਸਤ ਅਤੇ ਠੀਕ ਸੀ, ਪਰ ਇਸ ਘਿਨਾਉਣੀ ਮਾਰਕੁੱਟ ਤੋਂ ਬਾਅਦ ਉਸ ਦੀ ਮਾਨਸਿਕ ਹਾਲਤ ਪੂਰੀ ਤਰ੍ਹਾਂ ਬਦਲ ਗਈ ਹੈ ਅਤੇ ਉਹ ਸਦਮੇ ਵਿੱਚ ਹੈ।
ਪਰਿਵਾਰ ਨੇ ਦੱਸਿਆ ਕਿ ਮਾਨਸਿਕ ਹਾਲਤ ਖਰਾਬ ਹੋਣ ਕਾਰਨ ਨੌਜਵਾਨ ਵਾਰ-ਵਾਰ ਘਰੋਂ ਭੱਜ ਰਿਹਾ ਹੈ ਅਤੇ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰਿਵਾਰ ਨੂੰ ਉਸ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਡਰ ਸਤਾ ਰਿਹਾ ਸੀ, ਜਿਸ ਕਾਰਨ ਮਜਬੂਰੀ ਵਿੱਚ ਉਨ੍ਹਾਂ ਨੂੰ ਆਪਣੇ ਜਿਗਰ ਦੇ ਟੁਕੜੇ ਨੂੰ ਜੰਜੀਰਾਂ ਵਿੱਚ ਬੰਨ੍ਹ ਕੇ ਇਲਾਜ ਲਈ ਹਸਪਤਾਲ ਲਿਆਉਣਾ ਪਿਆ।
ਜ਼ਿਲ੍ਹਾ ਹਸਪਤਾਲ ਵਿੱਚ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ ਅਤੇ ਡਾਕਟਰਾਂ ਮੁਤਾਬਕ ਹੁਣ ਉਸ ਦੀ ਹਾਲਤ ਵਿੱਚ ਕੁਝ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਹਸਪਤਾਲ ਪ੍ਰਸ਼ਾਸਨ ਨੇ ਇਸ ਪੂਰੇ ਮਾਮਲੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦੇ ਦਿੱਤੀ ਹੈ। ਦੂਜੇ ਪਾਸੇ, ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Double murder in Jalandhar: ਕਲਯੁਗੀ ਪੁੱਤ ਨੇ ਪਿਓ ਤੇ ਪਤਨੀ ਨੂੰ ਮਾਰਿਆ, ਇਲਾਕੇ ‘ਚ ਸਹਿਮ ਦਾ ਮਾਹੌਲ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


