ਮਾਨਸਾ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸੁਸਤ ਹੋਣ ਕਾਰਨ ਕਿਸਾਨਾਂ ਦਾ ਸਬਰ ਟੁੱਟਦਾ ਨਜ਼ਰ ਆ ਰਿਹਾ ਹੈ। ਅੱਜ ਮਾਨਸਾ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ। ਕਿਸਾਨਾਂ ਨੇ ਸਰਕਾਰ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਤਿੱਖੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਖ਼ਰੀਦ ਸ਼ੁਰੂ ਨਹੀਂ ਹੁੰਦੀ, ਸੰਘਰਸ਼ ਜਾਰੀ ਰਹੇਗਾ।
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ: ਕਿਸਾਨ ਆਗੂ
ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅਸਲੀਅਤ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੰਡੀਆਂ ਵਿੱਚ ਨਾ ਤਾਂ ਖਰੀਦ ਏਜੰਸੀਆਂ ਪਹੁੰਚ ਰਹੀਆਂ ਹਨ ਅਤੇ ਨਾ ਹੀ ਫ਼ਸਲ ਭਰਨ ਲਈ ਵਾਰਦਾਨੇ (ਬੋਰੀਆਂ) ਦਾ ਕੋਈ ਪ੍ਰਬੰਧ ਹੈ। ਕਿਸਾਨ ਕਈ ਦਿਨਾਂ ਤੋਂ ਮੰਡੀਆਂ ਵਿੱਚ ਆਪਣੀ ਫ਼ਸਲ ਦੀ ਰਾਖੀ ਕਰ ਰਹੇ ਹਨ, ਪਰ ਕੋਈ ਵੀ ਸਾਰ ਲੈਣ ਵਾਲਾ ਨਹੀਂ ਹੈ।
ਵਾਰਦਾਨੇ ਦੀ ਘਾਟ ਅਤੇ ਖਰੀਦ ‘ਚ ਦੇਰੀ ਨਾਲ ਵਧੀ ਪਰੇਸ਼ਾਨੀ
ਕਿਸਾਨਾਂ ਅਨੁਸਾਰ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਅਤੇ ਖਰੀਦ ਵਿੱਚ ਹੋ ਰਹੀ ਦੇਰੀ ਕਾਰਨ ਉਨ੍ਹਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅੱਜ ਦਾ ਘਿਰਾਓ ਸਿਰਫ਼ ਇੱਕ ਸੰਕੇਤਕ ਪ੍ਰਦਰਸ਼ਨ ਹੈ। ਜੇਕਰ ਸਰਕਾਰ ਨੇ ਤੁਰੰਤ ਖਰੀਦ ਸ਼ੁਰੂ ਨਾ ਕਰਵਾਈ ਤਾਂ ਕਿਸਾਨ ਹੋਰ ਵੀ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਗੇ।
ਪੂਰੇ ਪੰਜਾਬ ਵਿੱਚ ਸੰਘਰਸ਼ ਤੇਜ਼ ਕਰਨ ਦਾ ਐਲਾਨ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਭਲਕੇ ਤੋਂ ਪੂਰੇ ਪੰਜਾਬ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ। ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਦੀ ਹਾਲਤ ਨਾ ਸੁਧਰੀ ਤਾਂ ਸਰਕਾਰ ਵਿਰੁੱਧ ਇਸ ਅੰਦੋਲਨ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ। ਇਸ ਮੌਕੇ ਰਾਮ ਸਿੰਘ ਭੈਣੀਬਾਘਾ, ਇੰਦਰਜੀਤ ਸਿੰਘ ਝੱਬਰ ਅਤੇ ਜਗਸੀਰ ਸਿੰਘ ਜਵਾਹਰਕੇ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ।



