ਫਿਰੋਜ਼ਪੁਰ : ਫਿਰੋਜ਼ਪੁਰ ਦੇ ਪਿੰਡ ਜਖਰਾਵਾਂ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਘਰ ਦੇ ਬਾਹਰ ਕੁਝ ਅਣਪਛਾਤੇ/ਸ਼ਰਾਰਤੀ ਅਨਸਰਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ। ਅਚਾਨਕ ਹੋਈ ਇਸ ਗੋਲੀਬਾਰੀ ਨਾਲ ਪੂਰੇ ਇਲਾਕੇ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਇਸ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਪੀੜਤ ਪਰਿਵਾਰ ਵਿੱਚ ਖੌਫ਼ ਪਾਇਆ ਜਾ ਰਿਹਾ ਹੈ।
ਪਰਿਵਾਰ ਨੇ ਲਗਾਏ ਗੰਭੀਰ ਦੋਸ਼
ਪੀੜਤ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਗਲਤ ਮਾਨਸਿਕਤਾ ਵਾਲੇ ਅਨਸਰਾਂ ਨੇ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਰਾਊਂਡ ਫਾਇਰ ਕੀਤੇ। ਪਰਿਵਾਰ ਨੇ ਕੁਝ ਵਿਅਕਤੀਆਂ ‘ਤੇ ਸ਼ੱਕ ਜ਼ਾਹਰ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਆਪਸੀ ਰੰਜਿਸ਼ ਦਾ ਖ਼ਦਸ਼ਾ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਘਟਨਾ ਸਥਾਨ ਤੋਂ ਚੱਲੀਆਂ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਦਾ ਮੰਨਣਾ ਹੈ ਕਿ ਇਹ ਮਾਮਲਾ ਪੁਰਾਣੀ ਆਪਸੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ।
ਮੁਲਜ਼ਮਾਂ ਦੀ ਪਛਾਣ ਹੋਈ, ਜਲਦ ਹੋਵੇਗੀ ਗ੍ਰਿਫ਼ਤਾਰੀ: SHO
ਥਾਣਾ ਸਦਰ ਦੇ SHO ਗੁਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਹਮਲਾਵਰਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
7 ਦਿਨਾਂ ਤੋਂ ਲਾਪਤਾ 19 ਸਾਲਾ ਨੌਜਵਾਨ ਦੀ ਨਹਿਰ ‘ਚੋਂ ਮਿਲੀ ਮ੍ਰਿਤਕ ਦੇਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


