ਚੰਡੀਗੜ੍ਹ– ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪਹਿਲੀ ਗ੍ਰਿਫਤਾਰੀ ਹੋਈ ਹੈ। ਮਾਨਸਾ ਦੇ ਮਨਪ੍ਰੀਤ ਸਿੰਘ ਨਾਂ ਦੇ ਨੌਜਵਾਨ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਸ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਵਾਹਨ ਅਤੇ ਹਥਿਆਰ ਮੁਹੱਈਆ ਕਰਵਾਏ ਸਨ। ਦੱਸ ਦੇਈਏ ਕਿ ਮੂਸੇਵਾਲਾ ਦੀ ਹੱਤਿਆ ਦੇ ਇੱਕ ਦਿਨ ਬਾਅਦ ਪੁਲਿਸ ਨੇ ਉੱਤਰਾਖੰਡ ਤੋਂ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਮਨਪ੍ਰੀਤ ਵੀ ਉਨ੍ਹਾਂ ਵਿੱਚੋਂ ਇੱਕ ਹੈ। ਪੁਲਿਸ ਨੇ ਮਨਪ੍ਰੀਤ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਲਿਆ ਹੈ। ਮਨਪ੍ਰੀਤ ਸਿੰਘ ਦਾ ਪਿੰਡ ਢੈਪਈ ਜਵਾਹਰਕੇ ਨੇੜੇ ਹੈ ਜਿੱਥੇ ਮੂਸੇਵਾਲਾ ਦਾ ਕਤਲ ਹੋਇਆ ਸੀ।
Also Read: ਮਸ਼ਹੂਰ ਗਾਇਕ KK ਨੇ ਦੁਨੀਆ ਨੂੰ ਕਿਹਾ ਅਲਵਿਦਾ, ਕੋਲਕਾਤਾ ‘ਚ ਕੰਸਰਟ ਦੌਰਾਨ ਦੇਹਾਂਤ
ਇਧਰ, ਇਸੇ ਮਾਮਲੇ ‘ਚ ਪੁਲਿਸ ਨੇ ਬਠਿੰਡਾ ਤੇ ਫਿਰੋਜ਼ਪੁਰ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਨੂੰ ਵੀ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਤੋਂ ਜਾਣੂ ਸਨ। ਇਹ ਦੋਵੇਂ ਗੈਂਗਸਟਰ ਜੇਲ੍ਹ ਵਿੱਚ ਮੋਬਾਈਲ ਫ਼ੋਨ ਦੀ ਵਰਤੋਂ ਕਰ ਰਹੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਦਾ ਸਬੰਧ ਲਾਰੈਂਸ ਗੈਂਗ ਨਾਲ ਹੋ ਸਕਦਾ ਹੈ। ਪ੍ਰੋਡਕਸ਼ਨ ਵਾਰੰਟ ‘ਤੇ ਲਏ ਗਏ ਦੋ ਗੈਂਗਸਟਰਾਂ ‘ਚੋਂ ਇਕ ਦਾ ਨਾਂ ਮਨਪ੍ਰੀਤ ਮੰਨਾ ਦੱਸਿਆ ਜਾ ਰਿਹਾ ਹੈ।
ਸੋਮਵਾਰ ਨੂੰ ਹੀ ਪੁਲਿਸ ਨੇ ਬਠਿੰਡਾ ਦੇ ਪਿੰਡ ਭਾਗੀਬੰਦਰ ਤੋਂ ਮਨਪ੍ਰੀਤ ਮੰਨਾ ਦੇ ਕਰੀਬੀ ਵਿਅਕਤੀ ਨੂੰ ਚੁੱਕਿਆ ਸੀ। ਬੋਲੈਰੋ ਕਾਰ ਤੋਂ ਇਲਾਵਾ ਮੂਸੇਵਾਲਾ ਦੇ ਕਤਲ ਵਿੱਚ ਵਰਤੀ ਗਈ ਕਾਰ ਵੀ ਇਸੇ ਵਿਅਕਤੀ ਦੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਮੰਨਾ ਦੇ ਕਹਿਣ ‘ਤੇ ਹੀ ਉਸ ਨੇ ਕਾਤਲਾਂ ਨੂੰ ਆਪਣੀ ਕਾਰ ਦਿੱਤੀ ਸੀ। ਮਨਪ੍ਰੀਤ ਮੰਨਾ ਤੋਂ ਇਲਾਵਾ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਗਿਆ ਇੱਕ ਹੋਰ ਗੈਂਗਸਟਰ ਗੈਂਗਸਟਰ ਕੁਲਵੀਰ ਨਰੂਆਣਾ ਦੇ ਕਤਲ ‘ਚ ਸ਼ਾਮਲ ਹੈ।
Also Read: ਜੂਨ ‘ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਲਿਸਟ
ਗੈਂਗਸਟਰ ਲਾਰੈਂਸ ਨੂੰ ਦਿੱਲੀ ਪੁਲਿਸ ਨੇ ਲਿਆ ਰਿਮਾਂਡ ‘ਤੇ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਨਾਮ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਤਿਹਾੜ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਨੂੰ ਰਿਮਾਂਡ ‘ਤੇ ਲੈ ਲਿਆ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀ ਇੱਕ ਟੀਮ ਲਾਰੈਂਸ ਤੋਂ ਪੁੱਛਗਿੱਛ ਕਰਨ ਲਈ ਦਿੱਲੀ ਰਵਾਨਾ ਹੋ ਗਈ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਲਿਆ ਹੈ। ਹੁਣ ਉਸ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਲਾਰੈਂਸ ਤੋਂ ਪੁੱਛਗਿੱਛ ਕਰਨ ਗਈ ਪੰਜਾਬ ਪੁਲਿਸ ਦੀ ਟੀਮ ਮੂਸੇਵਾਲਾ ਨੂੰ ਗੋਲੀ ਮਾਰਨ ਵਾਲਿਆਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ। ਅਜੇ ਤੱਕ ਪੰਜਾਬ ਪੁਲਿਸ ਮੂਸੇਵਾਲਾ ਨੂੰ ਗੋਲੀ ਮਾਰਨ ਵਾਲਿਆਂ ਬਾਰੇ ਕੁਝ ਵੀ ਪਤਾ ਨਹੀਂ ਲਗਾ ਸਕੀ ਹੈ।
ਤਿਹਾੜ ਜੇਲ੍ਹ ਵਿੱਚ ਰਚੀ ਗਈ ਸਾਜ਼ਿਸ਼
ਸੂਤਰਾਂ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦੇ ਕਤਲ ਦੀ ਸਾਰੀ ਵਿਉਂਤਬੰਦੀ ਤਿਹਾੜ ਜੇਲ੍ਹ ਵਿੱਚ ਹੀ ਕੀਤੀ ਗਈ ਸੀ। ਇਹ ਪਲਾਨਿੰਗ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕੀਤੀ ਸੀ ਜੋ ਕਿ ਪੰਜਾਬ ਦੇ ਹੀ ਫਾਜ਼ਿਲਕਾ ਦਾ ਰਹਿਣ ਵਾਲਾ ਹੈ।


