ਚੰਡੀਗੜ੍ਹ : ਪੰਜਾਬ ਪੁਲਿਸ ਵਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ‘Mega Search Operation’ ਅਜੇ ਤੱਕ ਜਾਰੀ ਹੈ। ਪੰਜਾਬ ਪੁਲਿਸ ਵੱਲੋਂ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਪੁਲਿਸ ਵੱਲੋਂ ਪੰਜਾਬ ਭਰ ‘ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਉਸਦੇ 78 ਸਾਥੀਆਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲਿਆ ਗਿਆ ਸੀ ਪਰ ਅੰਮ੍ਰਿਤਪਾਲ ਸਿੰਘ ਭੱਜਣ ਵਿਚ ਕਾਮਯਾਬ ਹੋ ਗਿਆ ਸੀ।
ਅੰਮ੍ਰਿਤਪਾਲ ਸਿੰਘ ਦੀ ਭਾਲ ਸਬੰਧੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਖ-ਵੱਖ ਸ਼ਹਿਰਾਂ ਵਿਚ ਫਲੈਗ ਮਾਰਚ ਕੱਢਿਆ ਹੈ। ਪੰਜਾਬ ਪੁਲਿਸ ਵੱਲੋਂ ਜਲੰਧਰ ਵਿਚ ਐੱਸਐੱਸਪੀ ਅਰਬਨ ਤੇ ਐੱਸਐੱਸਪੀ ਦਿਹਾਤੀ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਮੇਂ ਸ਼ਹਿਰ ਸਥਿਤੀ ਕੰਟਰੋਲ ਵਿੱਚ ਹੈ। ਉਨ੍ਹਾਂ ਦੱਸਿਆ ਕਿ ਅਸੀਂ ਹਰ ਖੇਤਰ ‘ਤੇ ਨਜ਼ਰ ਰੱਖ ਰਹੇ ਹਾਂ। ਸਾਰੇ ਇਲਾਕੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਖੁਦ ਸਰਚ ਆਪਰੇਸ਼ਨ ਦਾ ਹਿੱਸਾ ਹਨ।
ਅੰਮ੍ਰਿਤਸਰ ਵਿੱਚ ਵੀ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਪੁਲਿਸ ਵੱਲੋਂ ਸ਼ਹਿਰ ਵਾਸੀਆਂ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਥੇ ਹੀ ਲੁਧਿਆਣਾ ਪੁਲਿਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਲੁਧਿਆਣਾ ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਕਿਸੇ ਵੀ ਅਫ਼ਵਾਹ ਉੱਤੇ ਵਿਸ਼ਵਾਸ ਨਾ ਕੀਤਾ ਜਾਵੇ।

