ਸੰਗਰੂਰ: ਪੰਜਾਬ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਕ੍ਰੇਜ਼ ਲਗਾਤਾਰ ਵਧ ਰਿਹਾ ਹੈ, ਪਰ ਇਸ ਦੇ ਨਾਲ ਹੀ ਫਰਜ਼ੀ ਏਜੰਟਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣ ਦੇ ਮਾਮਲੇ ਵੀ ਤੇਜ਼ੀ ਨਾਲ ਵਧੇ ਹਨ। ਸੰਗਰੂਰ ਪੁਲਿਸ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਸਾਲ 2025 ਵਿੱਚ ਜ਼ਿਲ੍ਹੇ ਅੰਦਰ ਵਿਦੇਸ਼ ਭੇਜਣ ਦੇ ਨਾਂ ‘ਤੇ ਕਰੋੜਾਂ ਰੁਪਏ ਦੀ ਧੋਖਾਧੜੀ ਸਾਹਮਣੇ ਆਈ ਹੈ। ਪੁਲਿਸ ਨੇ ਇਸ ਸਬੰਧੀ ਸਖ਼ਤ ਕਾਰਵਾਈ ਕਰਦਿਆਂ ਦੋਸ਼ੀਆਂ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ।
74 ਮਾਮਲਿਆਂ ਵਿੱਚ 9 ਕਰੋੜ ਦੀ ਹੜੱਪੀ ਰਾਸ਼ੀ
ਸੰਗਰੂਰ ਦੇ ਐਸ.ਪੀ. (ਡੀ) ਦਵਿੰਦਰ ਅੱਤਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025 ਦੌਰਾਨ ਜ਼ਿਲ੍ਹੇ ਵਿੱਚ ਇਮੀਗ੍ਰੇਸ਼ਨ ਫਰਾਡ ਦੇ ਕੁੱਲ 74 ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ ਲੋਕਾਂ ਨਾਲ ਲਗਭਗ 9 ਕਰੋੜ ਰੁਪਏ ਦੀ ਵੱਡੀ ਠੱਗੀ ਮਾਰੀ ਗਈ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਕੁੱਲ 112 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਵਿੱਚ 22 ਮਹਿਲਾਵਾਂ ਵੀ ਸ਼ਾਮਲ ਹਨ। ਕਈ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਕੁਝ ਦੀਆਂ ਜਾਇਦਾਦਾਂ ਵੀ ਪੁਲਿਸ ਵੱਲੋਂ ਕੇਸ ਨਾਲ ਅਟੈਚ ਕੀਤੀਆਂ ਗਈਆਂ ਹਨ।
ਏਜੰਟਾਂ ਦੀ ਜਾਂਚ ਕਰਨ ਦੀ ਅਪੀਲ
ਐਸ.ਪੀ. ਦਵਿੰਦਰ ਅੱਤਰੀ ਅਤੇ ਡੀ.ਐਸ.ਪੀ. ਸੁਖਦੇਵ ਸਿੰਘ ਨੇ ਆਮ ਜਨਤਾ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਿਸੇ ਵੀ ਏਜੰਟ ਨੂੰ ਪੈਸੇ ਦੇਣ ਤੋਂ ਪਹਿਲਾਂ ਉਸ ਦੇ ਲਾਇਸੰਸ ਅਤੇ ਪਿਛੋਕੜ ਦੀ ਚੰਗੀ ਤਰ੍ਹਾਂ ਜਾਂਚ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਏਜੰਟ ਪੈਸੇ ਲੈ ਕੇ ਫਰਾਰ ਹੋ ਜਾਂਦੇ ਹਨ ਜਾਂ ਫਿਰ ਨੌਜਵਾਨਾਂ ਨੂੰ ਗਲਤ ਦੇਸ਼ਾਂ ਵਿੱਚ ਭੇਜ ਕੇ ਉਨ੍ਹਾਂ ਦੀ ਜਾਨ ਜੋਖ਼ਮ ਵਿੱਚ ਪਾ ਦਿੰਦੇ ਹਨ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਮਾਨਤਾ ਪ੍ਰਾਪਤ ਏਜੰਟਾਂ ਰਾਹੀਂ ਹੀ ਵਿਦੇਸ਼ ਜਾਣ ਦੀ ਪ੍ਰਕਿਰਿਆ ਅਪਣਾਉਣ।
ਨੌਜਵਾਨਾਂ ਨੂੰ ਪੰਜਾਬ ਵਿੱਚ ਰਹਿ ਕੇ ਰੁਜ਼ਗਾਰ ਦੇ ਮੌਕੇ ਤਲਾਸ਼ਣ ਦੀ ਸਲਾਹ
ਪੁਲਿਸ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਇੱਕ ਅਹਿਮ ਸੰਦੇਸ਼ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਜਾ ਕੇ ਠੋਕਰਾਂ ਖਾਣ ਦੀ ਬਜਾਏ, ਉਹ ਆਪਣੇ ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਵਿੱਚ ਰਹਿ ਕੇ ਵੀ ਬਹੁਤ ਵਧੀਆ ਰੁਜ਼ਗਾਰ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸਰਕਾਰੀ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਨ੍ਹਾਂ ਨੌਕਰੀਆਂ ਲਈ ਸਖ਼ਤ ਮਿਹਨਤ ਅਤੇ ਤਿਆਰੀ ਕਰਨ ਤਾਂ ਜੋ ਉਹ ਆਪਣੇ ਸੂਬੇ ਵਿੱਚ ਹੀ ਮਾਣ-ਸਨਮਾਨ ਵਾਲੀ ਜ਼ਿੰਦਗੀ ਜੀ ਸਕਣ।



