ਫ਼ਰੀਦਕੋਟ: ਦੇਸ਼ ਦੇ 77ਵੇਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਅੱਜ ਫ਼ਰੀਦਕੋਟ ਦੇ ਇਤਿਹਾਸਕ ਨਹਿਰੂ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕਰਦਿਆਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਹੋਣਗੇ ਮੁੱਖ ਮਹਿਮਾਨ
ਰਿਹਰਸਲ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਮੁੱਖ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹ ਤਿਰੰਗਾ ਲਹਿਰਾਉਣ ਉਪਰੰਤ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਦੇ ਨਾਮ ਵਿਸ਼ੇਸ਼ ਸੰਦੇਸ਼ ਵੀ ਦੇਣਗੇ। ਡੀ.ਸੀ. ਨੇ ਦੱਸਿਆ ਕਿ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹੇ, ਇਸ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਸਕੂਲੀ ਬੱਚਿਆਂ ਦੀਆਂ ਦੇਸ਼-ਭਗਤੀ ਦੀਆਂ ਪੇਸ਼ਕਾਰੀਆਂ ਨੇ ਮੋਹਿਆ ਮਨ
ਅੱਜ ਦੀ ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼-ਭਗਤੀ ਦੇ ਗੀਤਾਂ ‘ਤੇ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਬੱਚਿਆਂ ਦੇ ਉਤਸ਼ਾਹ ਨੇ ਪੂਰੇ ਸਟੇਡੀਅਮ ਨੂੰ ਦੇਸ਼-ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਪ੍ਰਸ਼ਾਸਨ ਵੱਲੋਂ ਇਨ੍ਹਾਂ ਪੇਸ਼ਕਾਰੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਕੁਝ ਸੁਝਾਅ ਵੀ ਦਿੱਤੇ ਗਏ ਤਾਂ ਜੋ ਮੁੱਖ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ।
ਸੁਰੱਖਿਆ ਦੇ ਸਖ਼ਤ ਪਹਿਰੇ: SSP ਪ੍ਰਗਿਆ ਜੈਨ ਨੇ ਜਨਤਾ ਨੂੰ ਕੀਤੀ ਅਪੀਲ
ਜ਼ਿਲ੍ਹੇ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਫ਼ਰੀਦਕੋਟ ਮੈਡਮ ਪ੍ਰਗਿਆ ਜੈਨ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਸਟੇਡੀਅਮ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।



