ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 ‘ਤੇ ਜਲਦੀ ਦਸਤਖਤ ਕਰਨ ਲਈ ਪੱਤਰ ਦਾ ਜਵਾਬ ਦਿੱਤਾ ਹੈ। ਰਾਜਪਾਲ ਪੁਰੋਹਿਤ ਨੇ ‘ਆਪ’ ਸਰਕਾਰ ਦੇ 19-20 ਜੂਨ ਨੂੰ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ 2 ਦਿਨਾਂ ‘ਚ ਪਾਸ ਕੀਤੇ ਬਿੱਲਾਂ ਨੂੰ ਕਾਨੂੰਨ ਦੀ ਉਲੰਘਣਾ ਦੱਸਿਆ ਹੈ।
ਰਾਜਪਾਲ ਨੇ ਮੁੱਖ ਮੰਤਰੀ ਨੂੰ ਜਵਾਬ ਦਿੱਤਾ ਕਿ 19-20 ਨੂੰ ਬੁਲਾਈ ਗਈ ਮੀਟਿੰਗ ਕਾਨੂੰਨ ਦੇ ਅਧੀਨ ਨਹੀਂ ਹੈ। ਇਸ ਵਿੱਚ ਪਾਸ ਕੀਤੇ ਚਾਰੇ ਬਿੱਲ ਕਾਨੂੰਨ ਦੀ ਉਲੰਘਣਾ ਹਨ। ਰਾਜਪਾਲ ਨੇ ਕਿਹਾ ਕਿ ਉਹ ਇਸ ਸਬੰਧੀ ਦੇਸ਼ ਦੇ ਅਟਾਰਨੀ ਜਨਰਲ ਦੀ ਰਾਏ ਲੈਣਗੇ। ਇਸ ਤੋਂ ਬਾਅਦ ਹੀ ਉਹ ਪਾਸ ਕੀਤੇ ਗਏ ਬਿੱਲਾਂ ‘ਤੇ ਫੈਸਲਾ ਲੈਣਗੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਐਕਟ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਸੀ।



