ਨਵੀਂ ਦਿੱਲੀ- ਦਿੱਲੀ ਦੇ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਦੇ ਨੇਤਾ ਤਜਿੰਦਰ ਪਾਲ ਬੱਗਾ ਨੂੰ ਮੰਗਲਵਾਰ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ 5 ਜੁਲਾਈ ਤੱਕ ਰੋਕ ਜਾਰੀ ਰਹੇਗੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਮਈ ਨੂੰ ਸੁਣਵਾਈ ਕੀਤੀ ਸੀ ਅਤੇ ਤੇਜਿੰਦਰ ਬੱਗਾ ਨੂੰ 10 ਮਈ ਤੱਕ ਗ੍ਰਿਫਤਾਰੀ ਵਾਰੰਟ ਤੋਂ ਰਾਹਤ ਦੇ ਦਿੱਤੀ ਗਈ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਬੱਗਾ ਖਿਲਾਫ਼ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ। ਤਜਿੰਦਰ ਬੱਗਾ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾੜੀ ਟਿੱਪਣੀ ਕਰਨ ਅਤੇ ਪੰਜਾਬ ‘ਚ ਝੂਠੀਆਂ ਅਫ਼ਵਾਹਾਂ ਫੈਲਾਉਣ ਦੇ ਸੰਬਧ ‘ਚ ਦਰਜ ਕੇਸ ਤਹਿਤ ਪੰਜਾਬ ਪੁਲਸ ਨੇ ਤਜਿੰਦਰ ਪਾਲ ਬੱਗਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੰਜਾਬ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਬੱਗਾ ਨੂੰ 5 ਨੋਟਿਸ ਭੇਜੇ ਸਨ ਪਰ ਜਾਂਚ ਵਿਚ ਬੱਗਾ ਵੱਲੋਂ ਸਹਿਯੋਗ ਨਾ ਮਿਲਣ ‘ਤੇ ਪੁਲਿਸ ਨੇ ਬੀਤੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੰਜਾਬ ਪੁਲਿਸ ਜਦੋਂ ਬੱਗਾ ਨੂੰ ਲੈ ਕੇ ਪੰਜਾਬ ਜਾ ਰਹੀ ਸੀ, ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਕੁਰੂਕਸ਼ੇਤਰ ਵਿਚ ਰੋਕ ਲਿਆ।
ਬੱਗਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਅਗਵਾ ਦਾ ਮਾਮਲਾ ਦਰਜ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਦੀ ਟੀਮ ਨੇ ਤਜਿੰਦਰ ਬੱਗਾ ਨੂੰ ਦਿੱਲੀ ਦੇ ਜਨਕਪੁਰੀ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸਥਾਨਕ ਪੁਲਿਸ ਨੂੰ ਸੂਚਿਤ ਨਹੀਂ ਕੀਤਾ ਸੀ। ਪੰਜਾਬ ਪੁਲਿਸ ਨੇ ਦੱਸਿਆ ਕਿ ਤਜਿੰਦਰ ਬੱਗਾ, ਭਾਰਤੀ ਜਨਤਾ ਯੁਵਾ ਮੋਰਚਾ ਦਾ ਰਾਸ਼ਟਰੀ ਸਕੱਤਰ ਵੀ ਹੈ। ਉਸ ’ਤੇ ਪਿਛਲੇ ਮਹੀਨੇ ਮੋਹਾਲੀ ਵਿਚ ਕੇਸ ਦਰਜ ਕੀਤਾ ਗਿਆ ਸੀ।



