ਮਾਨਸਾ : ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਨਹਿਰ ਵਿੱਚ ਨਹਾਉਣ ਗਏ ਦੋ ਸਕੂਲੀ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਦੋਵੇਂ ਨੌਜਵਾਨ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ, ਜਿਨ੍ਹਾਂ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਗਰਮੀ ਤੋਂ ਬਚਣ ਲਈ ਨਹਿਰ ‘ਤੇ ਗਏ ਸਨ ਬੱਚੇ
ਮ੍ਰਿਤਕ ਬੱਚਿਆਂ ਦੇ ਮਾਮਾ ਭਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਮ੍ਰਿਤਕ, ਗੁਰਵਿੰਦਰ ਸਿੰਘ (16 ਸਾਲ, ਪਿੰਡ ਢੈਪਈ) ਅਤੇ ਸੁਖਪ੍ਰੀਤ ਸਿੰਘ (15 ਸਾਲ, ਭੀਖੀ) ਦਸਵੀਂ ਜਮਾਤ ਦੇ ਵਿਦਿਆਰਥੀ ਸਨ। ਕਰੀਬ 10 ਵਜੇ ਦੋਵੇਂ ਦੋਸਤ ਗਰਮੀ ਤੋਂ ਰਾਹਤ ਪਾਉਣ ਲਈ ਨਹਿਰ ‘ਤੇ ਨਹਾਉਣ ਗਏ ਸਨ। ਇਸ ਦੌਰਾਨ ਡੂੰਘੇ ਪਾਣੀ ਵਿੱਚ ਜਾਣ ਕਾਰਨ ਦੋਵਾਂ ਦਾ ਪੈਰ ਫਿਸਲ ਗਿਆ ਅਤੇ ਉਹ ਡੁੱਬ ਗਏ। ਕਾਫੀ ਜੱਦੋਜਹਿਦ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ।
ਹਸਪਤਾਲ ‘ਚ ਡਾਕਟਰਾਂ ਨੇ ਕੀਤੀ ਪੁਸ਼ਟੀ
ਸਿਵਲ ਹਸਪਤਾਲ ਮਾਨਸਾ ਦੇ ਡਾਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਵਿੱਚ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਸਨ, ਜਿਨ੍ਹਾਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਹਸਪਤਾਲ ਦੀ ਮੌਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਐਂਬੂਲੈਂਸ ਡਰਾਈਵਰ ਬੂਟਾ ਸਿੰਘ ਨੇ ਵੀ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਲਾਸ਼ਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਸੀ।
ਪਰਿਵਾਰਾਂ ‘ਤੇ ਟੁੱਟਾ ਦੁੱਖਾਂ ਦਾ ਪਹਾੜ
ਇਸ ਘਟਨਾ ਨੇ ਦੋਵਾਂ ਪਰਿਵਾਰਾਂ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਇਕਲੌਤੇ ਪੁੱਤਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਵੱਲੋਂ ਇਸ ਦੁਖਦਾਈ ਘਟਨਾ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।



