ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਲਚਕਾਣੀ ਵਿਖੇ ਨਵੇਂ ਆਂਗਣਵਾੜੀ ਸੈਂਟਰ ਦਾ ਕੀਤਾ ਉਦਘਾਟਨ

ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅੱਜ ਪਟਿਆਲਾ ਦੇ ਹਲਕਾ ਪਿੰਡ ਲਚਕਾਣੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਨਵੇਂ ਬਣੇ ਆਂਗਣਵਾੜੀ…

Dr. Balbir Singh

ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅੱਜ ਪਟਿਆਲਾ ਦੇ ਹਲਕਾ ਪਿੰਡ ਲਚਕਾਣੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਨਵੇਂ ਬਣੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਰਕਾਰ ਦੀਆਂ ਸਿੱਖਿਆ ਅਤੇ ਸਿਹਤ ਸਬੰਧੀ ਨੀਤੀਆਂ ‘ਤੇ ਚਾਨਣਾ ਪਾਇਆ।

ਸਿਹਤ ਅਤੇ ਸਿੱਖਿਆ ਸਰਕਾਰ ਦੀ ਮੁੱਖ ਤਰਜੀਹ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਬਿਨਾਂ ਕਿਸੇ ਪੱਖਪਾਤ ਜਾਂ ਸਿਆਸੀ ਭੇਦਭਾਵ ਦੇ ਹਰ ਲੋੜਵੰਦ ਦੇ ਸਿਹਤ ਕਾਰਡ ਬਣਾਏ ਜਾਣਗੇ ਤਾਂ ਜੋ ਕੋਈ ਵੀ ਵਿਅਕਤੀ ਇਲਾਜ ਤੋਂ ਵਾਂਝਾ ਨਾ ਰਹੇ।

ਗੈਂਗਸਟਰਵਾਦ ਅਤੇ ਨਸ਼ਿਆਂ ਤੇ ਤਿੱਖਾ ਹਮਲਾ

ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਬੋਲਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਫੈਲਿਆ ਗੈਂਗਸਟਰਵਾਦ ਰਵਾਇਤੀ ਸਿਆਸੀ ਪਾਰਟੀਆਂ ਦੀ ਹੀ ਦੇਣ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਇਸ ਗੰਧਲੇ ਸਿਸਟਮ ਨੂੰ ਜੜ੍ਹੋਂ ਖ਼ਤਮ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਰਾਹ ‘ਤੇ ਚੱਲ ਰਹੇ ਨੌਜਵਾਨਾਂ ਨੂੰ ਸਹੀ ਰਸਤੇ ‘ਤੇ ਲਿਆ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ।

ਸਿਆਸੀ ਵਿਰੋਧੀਆਂ ਅਤੇ ਕਾਂਗਰਸ ਤੇ ਨਿਸ਼ਾਨਾ

ਵਿਰੋਧੀ ਪਾਰਟੀਆਂ ‘ਤੇ ਤੰਜ ਕੱਸਦਿਆਂ ਡਾ. ਬਲਬੀਰ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਵੇਲੇ ਭਾਰੀ ਆਪਸੀ ਫੁੱਟ ਦਾ ਸ਼ਿਕਾਰ ਹੈ ਅਤੇ ਉਨ੍ਹਾਂ ਕੋਲ ਲੋਕਾਂ ਲਈ ਕੋਈ ਵਿਜ਼ਨ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰਾਂ ਸਿਰਫ਼ ਸੱਤਾ ਦੇ ਲਾਲਚ ਵਿੱਚ ਹਨ, ਜਦਕਿ ਆਮ ਆਦਮੀ ਪਾਰਟੀ ਲੋਕਾਂ ਦੀ ਸੇਵਾ ਕਰ ਰਹੀ ਹੈ।

84 ਦੇ ਦੰਗਿਆਂ ਦੇ ਫੈਸਲੇ ਤੇ ਪ੍ਰਗਟਾਇਆ ਦੁੱਖ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸੱਜਣ ਕੁਮਾਰ ਦੇ ਬਰੀ ਹੋਣ ‘ਤੇ ਟਿੱਪਣੀ ਕਰਦਿਆਂ ਡਾ. ਬਲਬੀਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੰਬੀ ਕਾਨੂੰਨੀ ਲੜਾਈ ਲੜਨ ਦੇ ਬਾਵਜੂਦ ਵੀ ਪੀੜਤਾਂ ਨੂੰ ਇਨਸਾਫ਼ ਦੀ ਥਾਂ ਨਿਰਾਸ਼ਾ ਮਿਲੀ ਹੈ, ਜਿਸ ਨੇ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ਨੂੰ ਹੋਰ ਹਰਾ ਕਰ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ, 10 ਲੱਖ ਤੱਕ ਦਾ ਇਲਾਜ ਹੋਵੇਗਾ ਮੁਫ਼ਤ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *