ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਚੱਲ ਰਹੇ ‘ਆਮਦਨ ਤੋਂ ਵੱਧ ਜਾਇਦਾਦ’ (DA Case) ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਫਰਵਰੀ ਤੱਕ ਲਈ ਮੁਲਤਵੀ ਕਰ ਦਿੱਤੀ ਹੈ।
ਪੰਜਾਬ ਸਰਕਾਰ ਨੇ ਮੰਗਿਆ ਜਵਾਬ ਲਈ ਸਮਾਂ
ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਅਦਾਲਤ ਤੋਂ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤਿਆਂ ਦਾ ਵਾਧੂ ਸਮਾਂ ਮੰਗਿਆ। ਸਰਕਾਰ ਦੀ ਇਸ ਦਲੀਲ ਨੂੰ ਪ੍ਰਵਾਨ ਕਰਦਿਆਂ ਅਦਾਲਤ ਨੇ ਸੁਣਵਾਈ ਅੱਗੇ ਪਾ ਦਿੱਤੀ। ਦੂਜੇ ਪਾਸੇ, ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਅੰਤਰਿਮ ਜ਼ਮਾਨਤ (Interim Bail) ਦੀ ਮੰਗ ਕੀਤੀ, ਜਿਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਅਗਲੀ ਸੁਣਵਾਈ ਦੌਰਾਨ ਇਸ ‘ਤੇ ਵਿਚਾਰ ਕਰਨਗੇ।
ਕੀ ਹੈ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਵਿਭਾਗ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਸੀ। ਇਸੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਵਿਜੀਲੈਂਸ ਨੇ 25 ਜੂਨ ਨੂੰ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਲਿਆਂਦਾ ਗਿਆ।
ਰਿਮਾਂਡ ਅਤੇ ਨਿਆਇਕ ਹਿਰਾਸਤ
ਗ੍ਰਿਫ਼ਤਾਰੀ ਤੋਂ ਬਾਅਦ 26 ਜੂਨ ਨੂੰ ਮੋਹਾਲੀ ਦੀ ਅਦਾਲਤ ਨੇ ਮਜੀਠੀਆ ਨੂੰ ਸੱਤ ਦਿਨਾਂ ਦੇ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਸੀ। ਇਸ ਦੌਰਾਨ ਵਿਜੀਲੈਂਸ ਟੀਮਾਂ ਨੇ ਉਨ੍ਹਾਂ ਨੂੰ ਮਜੀਠਾ ਅਤੇ ਸ਼ਿਮਲਾ ਲਿਜਾ ਕੇ ਵੀ ਪੁੱਛਗਿੱਛ ਕੀਤੀ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਨਿਆਇਕ ਹਿਰਾਸਤ (Judicial Custody) ਵਿੱਚ ਭੇਜ ਦਿੱਤਾ ਸੀ, ਜਿੱਥੇ ਉਹ ਫਿਲਹਾਲ ਬੰਦ ਹਨ।



