Hemkund Sahib Yatra: ਸ਼੍ਰੀ ਹੇਮਕੁੰਟ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਬੁੱਧਵਾਰ ਨੂੰ ਰਿਸ਼ੀਕੇਸ਼ ਦੇ ਲਕਸ਼ਮਣਝੁਲਾ ਰੋਡ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ। ਪਹਿਲੇ ਬੈਚ ਵਿੱਚ ਲਗਭਗ 250 ਯਾਤਰੀਆਂ ਨੇ ਭਾਗ ਲਿਆ। ਗਵਰਨਰ ਲੈਫਟੀਨੈਂਟ ਜਨਰਲ (ਸੈਨ.) ਸਰਦਾਰ ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸਮੇਤ ਕਈ ਹੋਰ ਕੈਬਨਿਟ ਮੰਤਰੀਆਂ ਨੇ ਜਥੇ ਦਾ ਸਵਾਗਤ ਕੀਤਾ ਅਤੇ ਸ਼ਰਧਾਲੂਆਂ ਨੂੰ ਵਿਦਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਸਮੇਤ ਅਰਦਾਸ ਕੀਤੀ। ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲੇ ਪਹਿਲੇ ਜੱਥੇ ‘ਚ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੋਂ ਸ਼ਰਧਾਲੂ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸੰਗਤ ਲਈ 20 ਮਈ ਨੂੰ ਖੋਲ੍ਹੇ ਜਾਣਗੇ, ਜਿਸ ਤਹਿਤ ਸ਼ਰਧਾਲੂਆਂ ਦਾ ਪਹਿਲਾ ਬੀਤੇ ਦਿਨ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ।
60 ਸਾਲ ਤੋਂ ਵੱਧ ਉਮਰ ਦੇ ਬਿਮਾਰ ਯਾਤਰੀ ਹੇਮਕੁੰਟ ਸਾਹਿਬ ਨਹੀਂ ਜਾ ਸਕਣਗੇ
60 ਸਾਲ ਤੋਂ ਵੱਧ ਉਮਰ ਦੇ ਬਿਮਾਰ ਲੋਕ ਹੁਣ ਹੇਮਕੁੰਟ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੇ। ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ‘ਤੇ ਅਜਿਹੇ ਯਾਤਰੀਆਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਿਸ਼ੀਕੇਸ਼ ਵਿਖੇ ਰੋਕਿਆ ਜਾਵੇਗਾ। ਹਾਲਾਂਕਿ ਹੇਮਕੁੰਟ ਸਾਹਿਬ ਵਿਖੇ ਬਰਫ ਪਿਘਲਣ ਤੋਂ ਬਾਅਦ ਅਜਿਹੇ ਯਾਤਰੀਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੈਨੇਜਰ ਸਰਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਸਮੇਂ ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ ਵਿੱਚ ਅੱਠ ਫੁੱਟ ਬਰਫ਼ ਪਈ ਹੈ। ਅਜਿਹੇ ‘ਚ ਇਸ ਸਮੇਂ ਉੱਥੇ ਆਕਸੀਜਨ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ।



