ਲੁਧਿਆਣਾ : ਲੁਧਿਆਣਾ ਦੇ ਨੇੜਲੇ ਕਸਬੇ ਹੰਬੜਾ ਵਿਖੇ ਮੰਗਲਵਾਰ ਨੂੰ ਇੱਕ ਕਬਾੜ ਦੀ ਦੁਕਾਨ ‘ਤੇ ਹੋਏ ਜ਼ਬਰਦਸਤ ਧਮਾਕੇ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਇਸ ਦਰਦਨਾਕ ਹਾਦਸੇ ਵਿੱਚ ਇੱਕ ਕਰਮਚਾਰੀ ਦੀ ਮੌਤ ਹੋ ਗਈ ਹੈ, ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ।
ਅੱਗ ਵਿੱਚ ਕੁਝ ਸੁੱਟਦੇ ਸਮੇਂ ਹੋਇਆ ਧਮਾਕਾ
ਮੁੱਢਲੀ ਜਾਂਚ ਅਤੇ ਸੀਸੀਟੀਵੀ ਫੁਟੇਜ ਤੋਂ ਸਾਹਮਣੇ ਆਇਆ ਹੈ ਕਿ ‘ਬੰਸਲ ਸਕ੍ਰੈਪ’ ਦੀ ਦੁਕਾਨ ‘ਤੇ ਕੰਮ ਕਰ ਰਹੇ ਦੋ ਕਰਮਚਾਰੀ ਕਬਾੜ ਵਿੱਚੋਂ ਲੋਹਾ/ਸਮਾਨ ਕੱਢਣ ਲਈ ਅੱਗ ਬਾਲ ਕੇ ਕੰਮ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਅਣਜਾਣੇ ਵਿੱਚ ਕੋਈ ਸ਼ੱਕੀ ਚੀਜ਼ ਅੱਗ ਵਿੱਚ ਸੁੱਟ ਦਿੱਤੀ ਗਈ, ਜਿਸ ਨਾਲ ਇੱਕ ਭਿਆਨਕ ਧਮਾਕਾ ਹੋਇਆ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਦੀ ਆਵਾਜ਼ ਕਾਫੀ ਦੂਰ ਤੱਕ ਸੁਣਾਈ ਦਿੱਤੀ।
ਇੱਕ ਦੀ ਮੌਤ, ਦੂਜਾ ਇਲਾਜ ਅਧੀਨ
ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਦੋਵਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਚੰਦਨ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਬਾਬਾ ਫੂਲ ਪਾਸਵਾਨ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਫਿਲਹਾਲ ਖ਼ਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ।
ਪੁਲਿਸ ਤੇ ਫੋਰੈਂਸਿਕ ਟੀਮ ਵੱਲੋਂ ਜਾਂਚ ਜਾਰੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਲਾਡੋਵਾਲ ਥਾਣੇ ਦੇ ਐੱਸ.ਐੱਚ.ਓ. ਅੰਮ੍ਰਿਤਪਾਲ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਅਤੇ ਫੋਰੈਂਸਿਕ ਟੀਮ ਵੱਲੋਂ ਘਟਨਾ ਸਥਾਨ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਐੱਸ.ਐੱਚ.ਓ. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸੀਸੀਟੀਵੀ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਧਮਾਕਾ ਕਿਸ ਤਰ੍ਹਾਂ ਹੋਇਆ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।



