ਮੋਗਾ: ਮੋਗਾ ਦੇ ਪੌਸ਼ ਇਲਾਕੇ ਵਿੱਚ ਬੀਤੀ ਦੇਰ ਸ਼ਾਮ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਪੁੱਤਰ ਨੇ ਆਪਣੇ ਹੀ 70 ਸਾਲਾ ਬਜ਼ੁਰਗ ਪਿਤਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਅਤੇ ਸਹਿਮ ਦੀ ਲਹਿਰ ਦੌੜ ਗਈ ਹੈ।
ਮੁੱਢਲੀ ਜਾਂਚ ਅਤੇ ਸਥਾਨਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਮੁਲਜ਼ਮ ਪੁੱਤਰ ਨੇ ਨਸ਼ੇ ਦੀ ਹਾਲਤ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਘਰ ਵਿੱਚ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੱਲ ਇੰਨੀ ਵੱਧ ਗਈ ਕਿ ਪੁੱਤਰ ਨੇ ਗੁੱਸੇ ਵਿੱਚ ਆ ਕੇ ਆਪਣੇ ਪਿਤਾ ‘ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਟੀਮ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਮ੍ਰਿਤਕ ਕੁਲਦੀਪ ਸਿੰਘ ਦੀ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. (SHO) ਸਰਦਾਰਾ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਸਥਾਨ ‘ਤੇ ਪਹੁੰਚ ਕੇ ਬਾਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਅਤੇ ਪਰਿਵਾਰ ਵੱਲੋਂ ਦਿੱਤੇ ਜਾਣ ਵਾਲੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



