ਫਗਵਾੜਾ : ਫਗਵਾੜਾ ਵਿਖੇ ਇੱਕ ਬੇਹੱਦ ਹੀ ਸ਼ਰਮਨਾਕ ਅਤੇ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਵੱਲੋਂ 4-5 ਸਾਲ ਦੀ ਮਾਸੂਮ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਮੁਲਜ਼ਮ ਮਾਸੂਮ ਬੱਚੀ ਨੂੰ ਬਹਾਨੇ ਨਾਲ ਇੱਕ ਕਮਰੇ ਵਿੱਚ ਲੈ ਗਿਆ ਅਤੇ ਉੱਥੇ ਉਸ ਨਾਲ ਗਲਤ ਹਰਕਤ ਕੀਤੀ। ਇਸ ਮੰਦਭਾਗੀ ਘਟਨਾ ਦਾ ਪਤਾ ਲੱਗਦਿਆਂ ਹੀ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਅਤੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਪਰਿਵਾਰ ਵੱਲੋਂ ਤੁਰੰਤ ਪੁਲਿਸ ਨੂੰ ਸੂਚਨਾ
ਪੀੜਤ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਸ਼ਰਮਨਾਕ ਕਰਤੂਤ ਬਾਰੇ ਪਤਾ ਲੱਗਿਆ, ਤਾਂ ਉਨ੍ਹਾਂ ਨੇ ਬਿਨਾਂ ਕੋਈ ਦੇਰੀ ਕੀਤੇ ਤੁਰੰਤ ਫਗਵਾੜਾ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਿੱਤੀ। ਮੁਹੱਲੇ ਦੀ ਰਹਿਣ ਵਾਲੀ ਪਰਮਜੀਤ ਕੌਰ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅਜਿਹੇ ਦਰਿੰਦਿਆਂ ਕਾਰਨ ਸਮਾਜ ਵਿੱਚ ਧੀਆਂ ਸੁਰੱਖਿਅਤ ਨਹੀਂ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਸੂਮ ਦੀ ਜ਼ਿੰਦਗੀ ਨਾਲ ਖੇਡਣ ਵਾਲੇ ਦੋਸ਼ੀ ਨੂੰ ਅਜਿਹੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਮਿਸਾਲ ਬਣੇ।
ਮੌਕੇ ‘ਤੇ ਪਹੁੰਚੇ ਕੌਂਸਲਰ ਨੇ ਕਿਹਾ – “ਦੋਸ਼ੀ ਨੂੰ ਮਿਲੇ ਸਖ਼ਤ ਸਜ਼ਾ”
ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਸਥਾਨਕ ਵਾਰਡ ਕੌਂਸਲਰ ਗੁਰਪ੍ਰੀਤ ਕੌਰ ਜੰਡੂ ਵੀ ਪੀੜਤ ਪਰਿਵਾਰ ਦੇ ਘਰ ਪਹੁੰਚੇ ਅਤੇ ਪੂਰੇ ਮਾਮਲੇ ਦੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਕਿਹਾ, “ਇਸ ਘਟਨਾ ਨੇ ਇਨਸਾਨੀਅਤ ਨੂੰ ਤਾਰ-ਤਾਰ ਕਰ ਦਿੱਤਾ ਹੈ। ਇੱਕ ਨਾਬਾਲਗ ਮਾਸੂਮ ਬੱਚੀ ਨਾਲ ਅਜਿਹੀ ਘਿਨਾਉਣੀ ਹਰਕਤ ਕਰਨ ਵਾਲਾ ਸਮਾਜ ਵਿੱਚ ਰਹਿਣ ਦੇ ਲਾਇਕ ਨਹੀਂ ਹੈ। ਪੁਲਿਸ ਨੂੰ ਇਸ ਮਾਮਲੇ ਦੀ ਫਾਸਟ ਟ੍ਰੈਕ ਜਾਂਚ ਕਰਵਾ ਕੇ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣੀ ਚਾਹੀਦੀ ਹੈ ਤਾਂ ਜੋ ਕੋਈ ਹੋਰ ਅਜਿਹਾ ਕਰਨ ਦੀ ਹਿੰਮਤ ਨਾ ਕਰੇ।”
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



