ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਅੱਜ ਲੁਧਿਆਣਾ ਵਿਖੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਉਦਯੋਗਪਤੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਸਮੇਤ ਪ੍ਰਸ਼ਾਸਨ ਦੇ ਕਈ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਮੰਤਰੀ ਨੇ ਕਾਰੋਬਾਰੀਆਂ ਨੂੰ ਹਰ ਸੰਭਵ ਸਹੂਲਤ ਦੇਣ ਦਾ ਭਰੋਸਾ ਦਿੱਤਾ।
ਨਿਵੇਸ਼ ਦੇ ਖੇਤਰ ਵਿੱਚ ਪੰਜਾਬ ਨੇ ਗੱਡੇ ਝੰਡੇ: 66,000 ਕਰੋੜ ਦਾ ਇਨਵੈਸਟਮੈਂਟ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇੱਕ ਵੱਡਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਹੁਣ ਤੱਕ 66,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਲਿਆਉਣ ਵਿੱਚ ਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਇਨਵੈਸਟਮੈਂਟ ਸੂਬੇ ਵਿੱਚ ਆਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੀ ਬਿਹਤਰ ਉਦਯੋਗਿਕ ਨੀਤੀ ਨੂੰ ਹੁਣ ਦੂਜੇ ਸੂਬੇ ਵੀ ਅਪਣਾ ਰਹੇ ਹਨ।
77 ਫੀਸਦੀ ਮੁੱਦਿਆਂ ਦਾ ਹੋਇਆ ਨਿਪਟਾਰਾ
ਕਾਰੋਬਾਰੀਆਂ ਦੀਆਂ ਸ਼ਿਕਾਇਤਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਦੱਸਿਆ ਕਿ ਸਰਕਾਰ ਹੁਣ ਤੱਕ ਉਦਯੋਗਿਕ ਖੇਤਰ ਦੇ 77 ਫੀਸਦੀ ਮੁੱਦਿਆਂ ਨੂੰ ਹੱਲ ਕਰਨ ਵਿੱਚ ਕਾਰਗਰ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ PSIEC ਤੋਂ ਇੱਕ ਜ਼ਰੂਰੀ ਸਰਟੀਫਿਕੇਟ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਜਾ ਰਿਹਾ ਹੈ, ਜਿਸ ਨਾਲ ਕਾਰੋਬਾਰੀਆਂ ਦੀਆਂ ਕਈ ਮੁਸ਼ਕਲਾਂ ਖ਼ਤਮ ਹੋ ਜਾਣਗੀਆਂ। ਇਸ ਤੋਂ ਇਲਾਵਾ, ਉਦਯੋਗਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਸਪਲਾਈ ਯਕੀਨੀ ਬਣਾਉਣ ਦਾ ਵਾਅਦਾ ਵੀ ਕੀਤਾ ਗਿਆ ਤਾਂ ਜੋ ਉਤਪਾਦਨ ਵਿੱਚ ਕੋਈ ਦਿੱਕਤ ਨਾ ਆਵੇ।
ਕਾਰੋਬਾਰੀਆਂ ਨੇ ਸਰਕਾਰ ਦੇ ਕਦਮ ਦੀ ਕੀਤੀ ਸ਼ਲਾਘਾ
ਦੂਜੇ ਪਾਸੇ, ਮੀਟਿੰਗ ਵਿੱਚ ਮੌਜੂਦ ਕਾਰੋਬਾਰੀਆਂ ਨੇ ਸਰਕਾਰ ਦੇ ਇਸ ਰਵੱਈਏ ‘ਤੇ ਤਸੱਲੀ ਪ੍ਰਗਟਾਈ। ਉਦਯੋਗਪਤੀਆਂ ਨੇ ਕਿਹਾ ਕਿ ਪਹਿਲੀ ਵਾਰ ਪ੍ਰਸ਼ਾਸਨ ਅਤੇ ਸਰਕਾਰ ਇੰਨੀ ਗੰਭੀਰਤਾ ਨਾਲ ਉਨ੍ਹਾਂ ਦੀਆਂ ਗੱਲਾਂ ਸੁਣ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਪੁਰਾਣੀਆਂ ਉਲਝਣਾਂ ਨੂੰ ਮੌਕੇ ‘ਤੇ ਹੀ ਸੁਲਝਾਇਆ ਗਿਆ ਹੈ, ਜਿਸ ਨਾਲ ਪੰਜਾਬ ਦੀ ਇੰਡਸਟਰੀ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।


