ਕਪੂਰਥਲਾ: ਕਪੂਰਥਲਾ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ 1.035 ਕਿੱਲੋਗ੍ਰਾਮ (1 ਕਿੱਲੋ 35 ਗ੍ਰਾਮ) ਹੈਰੋਇਨ ਸਮੇਤ ਇੱਕ ਔਰਤ ਅਤੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੂੰ ਪਿੰਡ ਸੈਦੋਵਾਲ ਦੇ ਨੇੜੇ ਨਸ਼ੇ ਦੀ ਵੱਡੀ ਖੇਪ ਲੰਘਣ ਦੀ ਪੁਖ਼ਤਾ ਇਤਲਾਹ ਮਿਲੀ ਸੀ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਚੈਕਿੰਗ ਦੌਰਾਨ ਇੱਕ ਸ਼ੱਕੀ ਸਵਿਫ਼ਟ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ।
ਪੁਲਿਸ ਦੀ ਸ਼ੁਰੂਆਤੀ ਪੜਤਾਲ ਤੋਂ ਸਾਹਮਣੇ ਆਇਆ ਹੈ ਕਿ ਫੜਿਆ ਗਿਆ ਨੌਜਵਾਨ ਪਿੰਡ ਨਵੇਂ ਪਿੰਡ ਪੱਠੇ ਦਾ ਰਹਿਣ ਵਾਲਾ ਹੈ, ਜਦਕਿ ਔਰਤ ਪਿੰਡ ਲਖਨਕਲਾਂ ਨਾਲ ਸਬੰਧਤ ਹੈ। ਇਹ ਦੋਵੇਂ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਕਾਲੇ ਧੰਦੇ ਵਿੱਚ ਸਰਗਰਮ ਸਨ। ਫੜੇ ਗਏ ਨੌਜਵਾਨ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ 3 ਮੁਕੱਦਮੇ ਦਰਜ ਹਨ। ਇਸੇ ਤਰ੍ਹਾਂ ਗ੍ਰਿਫ਼ਤਾਰ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਸਿਰ ਵੀ 8 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨਸ਼ਾ ਤਸਕਰੀ ਨਾਲ ਹੀ ਸਬੰਧਤ ਹਨ।
ਪੁਲਿਸ ਅਧਿਕਾਰੀਆਂ ਅਨੁਸਾਰ ਇਸ ਗ੍ਰਿਫ਼ਤਾਰੀ ਨਾਲ ਇਲਾਕੇ ਵਿੱਚ ਨਸ਼ੇ ਦੀ ਸਪਲਾਈ ਕਰਨ ਵਾਲੇ ਇੱਕ ਵੱਡੇ ਗਿਰੋਹ ਦੀ ਕੜੀ ਟੁੱਟੀ ਹੈ। ਪੁਲਿਸ ਹੁਣ ਦੋਵਾਂ ਦੋਸ਼ੀਆਂ ਕੋਲੋਂ ਕੜਕ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਪੁਲਿਸ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਨੈੱਟਵਰਕ ਨਾਲ ਜੁੜੇ ਹੋਰ ਵੀ ਕਈ ਤਸਕਰਾਂ ਦੇ ਚਿਹਰੇ ਬੇਨਕਾਬ ਹੋ ਸਕਦੇ ਹਨ। ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖ਼ਾਤਮੇ ਤੱਕ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

