ਅੰਮ੍ਰਿਤਸਰ: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਰਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਸ ਵੇਲੇ ਰੋਕ ਲਿਆ ਜਦੋਂ ਉਹ ਲੰਡਨ ਜਾ ਰਹੀ ਸੀ। ਕਿਰਨਦੀਪ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਰੀਬ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਕਹਿ ਕੇ ਵਾਪਸ ਮੋੜ ਦਿੱਤਾ ਗਿਆ ਕਿ ਉਹ ਇੰਗਲੈਂਡ ਨਹੀਂ ਜਾ ਸਕਦੇ।
ਅੰਮ੍ਰਿਤਪਾਲ ਦੇ ਰਿਸ਼ਤੇਦਾਰ ਸੁਖਚੈਨ ਸਿੰਘ ਨੇ ਕਿਹਾ-
ਅੰਮ੍ਰਿਤਪਾਲ ਦੇ ਰਿਸ਼ਤੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਫਲਾਈਟ ਉੱਡਣ ਤੋਂ ਤਿੰਨ ਘੰਟੇ ਪਹਿਲਾਂ ਕੌਮਾਂਤਰੀ ਹਵਾਈ ਅੱਡੇ ਪਹੁੰਚ ਗਏ ਸੀ, ਜੋ ਕਿ ਆਮ ਵਿਧੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਬੇਟੀ ਕਿਰਨਦੀਪ ਨੂੰ ਬੋਰਡਿੰਗ ਪਾਸ ਵੀ ਮਿਲ ਗਿਆ ਪਰ ਉਸ ਤੋਂ ਬਾਅਦ ਇਮੀਗ੍ਰੇਸ਼ਨ ਅਫਸਰਾਂ ਨੇ ਨੇ ਉਸਨੂੰ ਰੋਕ ਲਿਆ।
ਏਅਰ ਇੰਡੀਆ ਦੀ ਫਲਾਈਟ ਰਾਹੀਂ ਜਾਣਾ ਸੀ ਇੰਗਲੈਂਡ
ਕਿਰਨਦੀਪ ਨੇ ਦੁਪਹਿਰ 2.30 ਵਜੇ ਏਅਰ ਇੰਡੀਆ ਦੀ AI117 ਫਲਾਈਟ ਵਿੱਚ ਸਵਾਰ ਹੋਣਾ ਸੀ। ਇਸ ਦੇ ਲਈ ਉਹ ਸਵੇਰੇ 11.30 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚ ਗਈ ਸੀ। ਇੱਥੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਸਨੂੰ ਰੋਕ ਲਿਆ ਅਤੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ। ਪੁੱਛਗਿੱਛ ਮਗਰੋਂ ਅਧਿਕਾਰੀਆਂ ਵਲੋਂ ਕਿਰਨਦੀਪ ਦੀ ਯਾਤਰਾ ਰੱਦ ਕਰ ਦਿੱਤੀ ਗਈ। ਜਿਸ ਮਗਰੋਂ ਅੰਮ੍ਰਿਤਪਾਲ ਦੀ ਪਤਨੀ ਆਪਣੇ ਸਹੁਰੇ ਪਰਿਵਾਰ ਨਾਲ ਪਿੰਡ ਜੱਲੂਪੁਰ ਖੇੜਾ ਵਾਪਿਸ ਪਰਤ ਆਈ।
ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਸੋਸ਼ਲ ਮੀਡੀਆ ਦੀ ਕਿਸੇ ਵੀ ਅਫਵਾਹ ਉੱਤੇ ਵਿਸ਼ਵਾਸ ਨਾ ਕੀਤਾ ਜਾਵੇ।



