ਬਠਿੰਡਾ : ਬਠਿੰਡਾ ਸ਼ਹਿਰ ‘ਚ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇੱਕ ਬੇਕਾਬੂ ਅਤੇ ਤੇਜ਼ ਰਫਤਾਰ ਕਾਰ ਦੇ ਚਾਲਕ ਨੇ ਪਹਿਲਾਂ ਇੱਕ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਫਿਰ ਉੱਥੇ ਖੜ੍ਹੇ ਲੋਕਾਂ ਤੇ ਰੇਹੜੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਭਿਆਨਕ ਹਾਦਸੇ ਵਿੱਚ 12 ਸਾਲਾ ਮਾਸੂਮ ਬੱਚੇ ਦੀ ਮੌਤ ਹੋ ਗਈ, ਜਦਕਿ 3 ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।
ਸ਼ਰਾਬੀ ਡਰਾਈਵਰ ਦੀ ਲਾਪਰਵਾਹੀ ਕਾਰਨ ਗਈ ਜਾਨ
ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਚਾਲਕ ਨਸ਼ੇ ਦੀ ਹਾਲਤ ਵਿੱਚ ਸੀ, ਜਿਸ ਕਾਰਨ ਉਸ ਦਾ ਗੱਡੀ ‘ਤੇ ਕਾਬੂ ਨਹੀਂ ਰਿਹਾ। ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਸੜਕ ‘ਤੇ ਜਾ ਰਹੇ ਇੱਕ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ ਅਤੇ ਉਸ ਤੋਂ ਬਾਅਦ ਬੇਕਾਬੂ ਹੋ ਕੇ ਉੱਥੇ ਮੌਜੂਦ ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿੱਚ ਮੌਕੇ ‘ਤੇ ਹੀ ਹਾਹਾਕਾਰ ਮੱਚ ਗਈ। ਮ੍ਰਿਤਕ ਬੱਚੇ ਦੀ ਉਮਰ ਮਹਿਜ਼ 12 ਸਾਲ ਦੱਸੀ ਜਾ ਰਹੀ ਹੈ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪੁਲਿਸ ਪ੍ਰਸ਼ਾਸਨ ਦੀ ਕਾਰਵਾਈ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਰਮਲ ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਉੱਥੇ ਹੀ, ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਸ ਮਾਮਲੇ ਬਾਰੇ ਗੱਲ ਕਰਦਿਆਂ ਡੀਐਸਪੀ ਸਿਟੀ ਟੂ ਬਠਿੰਡਾ ਨੇ ਦੱਸਿਆ ਕਿ “ਇੱਕ ਬੇਕਾਬੂ ਕਾਰ ਨੇ ਪਹਿਲਾਂ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਬੱਚਿਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਬੱਚੇ ਦੀ ਦੁਖਦਾਈ ਮੌਤ ਹੋ ਗਈ ਹੈ। ਥਰਮਲ ਥਾਣਾ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਕਾਰ ਚਾਲਕ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।”
ਪੁਲਿਸ ਵੱਲੋਂ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਅਤੇ ਹਾਲਾਤਾਂ ਦਾ ਪੂਰਾ ਪਤਾ ਲਗਾਇਆ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਲੁਧਿਆਣਾ ਦੀ ਪਟਾਕਾ ਮਾਰਕੀਟ ਵਿੱਚ ਵਪਾਰੀ ਉੱਤੇ ਜਾਨਲੇਵਾ ਹਮਲਾ: ਇਲਾਕੇ ਵਿੱਚ ਫੈਲੀ ਦਹਿਸ਼ਤ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



