ਬਠਿੰਡਾ : ਬਠਿੰਡਾ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਹੋਰ ਤੇਜ਼ ਕਰ ਦਿੱਤਾ ਗਿਆ, ਜਦੋਂ ਮੰਗਲਵਾਰ ਸਵੇਰੇ ਤੜਕਸਾਰ ਗੁਨੀਆਣਾ ਮੰਡੀ ਵਿਖੇ ਇੱਕ ਵਿਸ਼ਾਲ ਸਰਚ ਅਭਿਆਨ ਚਲਾਇਆ ਗਿਆ। ਪੁਲਿਸ ਦੀ ਇਸ ਸਖ਼ਤ ਕਾਰਵਾਈ ਨਾਲ ਨਸ਼ਾ ਤਸਕਰਾਂ ਵਿੱਚ ਹਾਹਾਕਾਰ ਮੱਚ ਗਈ ਹੈ।
200 ਪੁਲਿਸ ਮੁਲਾਜ਼ਮਾਂ ਅਤੇ ਐਸ.ਪੀ. (ਡੀ.) ਦੀ ਅਗਵਾਈ ਹੇਠ ਹੋਈ ਛਾਪੇਮਾਰੀ
ਮਿਲੀ ਜਾਣਕਾਰੀ ਅਨੁਸਾਰ ਇਸ ਤਲਾਸ਼ੀ ਅਭਿਆਨ ਵਿੱਚ ਲਗਭਗ 200 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ। ਇਸ ਪੂਰੇ ਆਪ੍ਰੇਸ਼ਨ ਦੀ ਅਗਵਾਈ ਖ਼ੁਦ ਐਸ.ਪੀ. (ਡੀ.) ਵੱਲੋਂ ਕੀਤੀ ਗਈ, ਜਿਨ੍ਹਾਂ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀਆਂ ਨੇ ਇਲਾਕੇ ਦੇ ਸ਼ੱਕੀ ਟਿਕਾਣਿਆਂ ਅਤੇ ਨਸ਼ਾ ਤਸਕਰਾਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ
ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਗਈ ਤਲਾਸ਼ੀ: ਐਸ.ਪੀ. (ਡੀ.)
ਇਸ ਮੌਕੇ ਗੱਲਬਾਤ ਕਰਦਿਆਂ ਐਸ.ਪੀ. (ਡੀ.) ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਨਸ਼ਿਆਂ ਵਿਰੁੱਧ ਮੁਹਿੰਮ’ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਗੁਨੀਆਣਾ ਮੰਡੀ ਦੇ ਲਾਈਨਜ਼ ਪਾਰਕ ਏਰੀਆ ਵਿੱਚ ਵਿਸ਼ੇਸ਼ ਤੌਰ ‘ਤੇ ਨਸ਼ਾ ਤਸਕਰਾਂ ਦੇ ਘਰਾਂ ਦੀ ਛਾਣਬੀਣ ਕੀਤੀ ਗਈ ਹੈ ਤਾਂ ਜੋ ਗੈਰ-ਕਾਨੂੰਨੀ ਧੰਦੇ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।
ਆਮ ਲੋਕਾਂ ਨੂੰ ਬਠਿੰਡਾ ਪੁਲਿਸ ਦੀ ਅਪੀਲ
ਪੁਲਿਸ ਅਧਿਕਾਰੀਆਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਬਠਿੰਡਾ ਪੁਲਿਸ ਦਾ ਸਾਥ ਦਿੱਤਾ ਜਾਵੇ। ਜੇਕਰ ਕਿਸੇ ਵੀ ਨਾਗਰਿਕ ਨੂੰ ਆਪਣੇ ਆਸ-ਪਾਸ ਨਸ਼ਾ ਵਿਕਦਾ ਦਿਖਾਈ ਦਿੰਦਾ ਹੈ, ਤਾਂ ਉਹ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦੇਣ। ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



