ਗੁਰਦਾਸਪੁਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਅਪਰਾਧੀਆਂ ‘ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਵੱਲੋਂ ‘ਆਪਰੇਸ਼ਨ ਪ੍ਰਹਾਰ’ ਦਾ ਤੀਜਾ ਪੜਾਅ (Phase 3) ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਤਹਿਤ ਗੁਰਦਾਸਪੁਰ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਲਈ ਬਦਨਾਮ ਇਲਾਕਿਆਂ ਵਿੱਚ ਇੱਕ ਵਿਸ਼ਾਲ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਸਰਚ ਆਪਰੇਸ਼ਨ ਦੌਰਾਨ ਪੁਲਿਸ ਨੇ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।
ਗੁਰਦਾਸਪੁਰ ਦੇ ਵੱਖ-ਵੱਖ ਸੰਵੇਦਨਸ਼ੀਲ ਹਿੱਸਿਆਂ ਵਿੱਚ ਚਲਾਏ ਗਏ ਇਸ ਅਭਿਆਨ ਦੀ ਅਗਵਾਈ ਡੀ.ਐਸ.ਪੀ. (DSP) ਸ਼ਾਹਬਾਜ਼ ਸਿੰਘ ਨੇ ਕੀਤੀ। ਇਸ ਦੌਰਾਨ ਥਾਣਾ ਸਿਟੀ ਅਤੇ ਥਾਣਾ ਸਦਰ ਦੀਆਂ ਪੁਲਿਸ ਟੀਮਾਂ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ ਮੁਹੱਲਾ ਇਸਲਾਮਾਬਾਦ, ਚਾਨਣ ਸ਼ਾਹ ਸ਼ਮਸ਼ਾਨ ਘਾਟ ਅਤੇ ਮਾਨ ਕੌਰ ਸਿੰਘ ਵਰਗੇ ਨਸ਼ੇ ਲਈ ਸੰਵੇਦਨਸ਼ੀਲ ਮੰਨੇ ਜਾਂਦੇ ਇਲਾਕਿਆਂ ਨੂੰ ਪੂਰੀ ਤਰ੍ਹਾਂ ਘੇਰ ਲਿਆ। ਪੁਲਿਸ ਮੁਲਾਜ਼ਮਾਂ ਵੱਲੋਂ ਸ਼ੱਕੀ ਟਿਕਾਣਿਆਂ ਅਤੇ ਘਰਾਂ ਦੇ ਕੋਨੇ-ਕੋਨੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਪੁਲਿਸ ਅਧਿਕਾਰੀਆਂ ਮੁਤਾਬਕ, ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਖੇਤਰ ਵਿੱਚ ਸਰਗਰਮ ਨਸ਼ਾ ਤਸਕਰਾਂ ਨੂੰ ਦਬੋਚਣਾ ਅਤੇ ਵੱਖ-ਵੱਖ ਮੁਕੱਦਮਿਆਂ ਵਿੱਚ ਅਦਾਲਤ ਵੱਲੋਂ ਭਗੌੜੇ (PO) ਕਰਾਰ ਦਿੱਤੇ ਗਏ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨਾ ਹੈ। ਤਲਾਸ਼ੀ ਦੌਰਾਨ ਜਿਨ੍ਹਾਂ ਵਿਅਕਤੀਆਂ ਦੀਆਂ ਗਤੀਵਿਧੀਆਂ ਸ਼ੱਕੀ ਪਾਈਆਂ ਗਈਆਂ, ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ‘ਆਪਰੇਸ਼ਨ ਪ੍ਰਹਾਰ-3’ ਤਹਿਤ ਕੀਤੀ ਗਈ ਇਸ ਕਾਰਵਾਈ ਦੌਰਾਨ ਹੋਈਆਂ ਗ੍ਰਿਫ਼ਤਾਰੀਆਂ ਅਤੇ ਨਸ਼ੀਲੇ ਪਦਾਰਥਾਂ ਜਾਂ ਹਥਿਆਰਾਂ ਦੀ ਬਰਾਮਦਗੀ ਦੇ ਅਧਿਕਾਰਤ ਅੰਕੜੇ ਜਲਦੀ ਹੀ ਪੂਰੀ ਜਾਂਚ ਤੋਂ ਬਾਅਦ ਮੀਡੀਆ ਨਾਲ ਸਾਂਝੇ ਕੀਤੇ ਜਾਣਗੇ। ਉਨ੍ਹਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


