ਫਿਰੋਜ਼ਪੁਰ: ਜ਼ੀਰਾ ਦੇ ਨਜ਼ਦੀਕੀ ਪਿੰਡ ਮਨਸੂਰਵਾਲ ਕਲਾਂ ਤੋਂ ਇੱਕ ਬੇਹੱਦ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਮਾਮੂਲੀ ਜ਼ਮੀਨ ਅਤੇ ਪਾਣੀ ਦੇ ਖਾਲੇ ਦੇ ਵਿਵਾਦ ਨੂੰ ਲੈ ਕੇ ਰਿਸ਼ਤਿਆਂ ਦਾ ਕਤਲ ਕਰਦਿਆਂ ਇੱਕ ਤਾਏ ਨੇ ਆਪਣੇ ਹੀ 27 ਸਾਲਾ ਸਗੇ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ਦੀ ਇੱਕ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਨੇ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਮਾਮੂਲੀ ਜ਼ਮੀਨ ਅਤੇ ਖਾਲੇ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਗੁਰਵਿੰਦਰ ਸਿੰਘ (27) ਅਤੇ ਉਸ ਦੇ ਤਾਏ ਜਸਮਿੰਦਰ ਸਿੰਘ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਚੰਦ ਮਰਲੇ ਜ਼ਮੀਨ ਅਤੇ ਪਾਣੀ ਦੇ ਖਾਲੇ ਨੂੰ ਲੈ ਕੇ ਰੰਜਸ਼ ਚੱਲ ਰਹੀ ਸੀ। ਮਾਮਲਾ ਇੰਨਾ ਵਧ ਗਿਆ ਕਿ ਸੋਮਵਾਰ ਨੂੰ ਸਵੇਰੇ ਤਾਏ ਜਸਮਿੰਦਰ ਸਿੰਘ ਨੇ ਆਪਣੇ ਲਾਇਸੈਂਸੀ ਹਥਿਆਰ ਨਾਲ ਆਪਣੇ ਹੀ ਭਤੀਜੇ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਗੁਰਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ।
ਸਾਹਮਣੇ ਆਈ ਦਹਿਲਾ ਦੇਣ ਵਾਲੀ ਸੀ.ਸੀ.ਟੀ.ਵੀ. ਵੀਡੀਓ
ਇਸ ਖ਼ੌਫ਼ਨਾਕ ਵਾਰਦਾਤ ਦੀ ਇੱਕ CCTV ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਮਾਮੂਲੀ ਤਣਾਅ ਨੇ ਭਿਆਨਕ ਰੂਪ ਧਾਰਨ ਕਰ ਲਿਆ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਿੱਚ ਭਾਰੀ ਰੋਹ ਅਤੇ ਸੋਗ ਦੀ ਲਹਿਰ ਹੈ। ਰਿਸ਼ਤੇਦਾਰ ਜਸਵੰਤ ਸਿੰਘ ਨੇ ਇਸ ਘਟਨਾ ਬਾਰੇ ਦੁੱਖ ਜ਼ਹਰ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।
ਮਾਮਲੇ ਦੀ ਜਾਂਚ ਜਾਰੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਜ਼ੀਰਾ ਦੇ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ CCTV ਫੁਟੇਜ ਦੇ ਆਧਾਰ ‘ਤੇ ਅਗੇਰਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਜਸਮਿੰਦਰ ਸਿੰਘ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਦੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



