ਗੜ੍ਹਸ਼ੰਕਰ: ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਮਹਿੰਦਵਾਨੀ ਗੁਜਰਾਂ ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਇੱਕ 62 ਸਾਲਾ ਬਜ਼ੁਰਗ ਮਹਿਲਾ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕਾ ਦੀ ਪਛਾਣ ਰਚਨਾ ਪਤਨੀ ਸ਼ਾਮ ਲਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦਾ ਪਤੀ ਸ਼ਾਮ ਲਾਲ ਪੰਜਾਬ ਪੁਲਿਸ ਵਿੱਚੋਂ ਬਤੌਰ ਸਬ-ਇੰਸਪੈਕਟਰ ਦੋ ਸਾਲ ਪਹਿਲਾਂ ਸੇਵਾਮੁਕਤ ਹੋਇਆ ਹੈ।
ਧਾਰਮਿਕ ਸਥਾਨ ਤੋਂ ਪਰਤਦੇ ਸਮੇਂ ਹੋਇਆ ਹਮਲਾ
ਪ੍ਰਾਪਤ ਜਾਣਕਾਰੀ ਅਨੁਸਾਰ ਰਚਨਾ ਦੇਵੀ ਪਿੰਡ ਦੇ ਨਜ਼ਦੀਕੀ ਕੁਟੀਆ ਵਿੱਚ ਮੱਥਾ ਟੇਕਣ ਗਈ ਹੋਈ ਸੀ। ਜਦੋਂ ਉਹ ਮੱਥਾ ਟੇਕ ਕੇ ਵਾਪਸ ਆਪਣੇ ਘਰ ਨੂੰ ਆ ਰਹੀ ਸੀ, ਤਾਂ ਰਸਤੇ ਵਿੱਚ ਘਾਤ ਲਗਾ ਕੇ ਬੈਠੇ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਹਮਲਾਵਰਾਂ ਨੇ ਕਰੀਬ 3 ਰਾਊਂਡ ਫਾਇਰ ਕੀਤੇ, ਜਿਸ ਕਾਰਨ ਰਚਨਾ ਦੇਵੀ ਗੰਭੀਰ ਜ਼ਖਮੀ ਹੋ ਗਈ। ਹਾਲਾਂਕਿ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ, ਪਰ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ।
ਪੁਲਿਸ ਦੇ ਉੱਚ ਅਧਿਕਾਰੀਆਂ ਨੇ ਲਿਆ ਜਾਇਜ਼ਾ
ਵਾਰਦਾਤ ਦੀ ਸੂਚਨਾ ਮਿਲਦੇ ਹੀ ਹੁਸ਼ਿਆਰਪੁਰ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਐਸ.ਪੀ.ਡੀ. ਪਰਮਿੰਦਰ ਸਿੰਘ, ਡੀ.ਐਸ.ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਅਤੇ ਐਸ.ਐਚ.ਓ. ਗਗਨਦੀਪ ਸਿੰਘ ਸੇਖੋਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ
ਪੁਲਿਸ ਇਸ ਕਤਲ ਕਾਂਡ ਨੂੰ ਸੁਲਝਾਉਣ ਲਈ ਵੱਖ-ਵੱਖ ਐਂਗਲਾਂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪਿੰਡ ਵਿੱਚ ਇਸ ਵਾਰਦਾਤ ਤੋਂ ਬਾਅਦ ਡਰ ਅਤੇ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



