ਜਲੰਧਰ : ਪੰਜਾਬ ਦੇ ਜਲੰਧਰ ਤੋਂ ਇੱਕ ਵੱਡੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਦਿਨ-ਦਿਹਾੜੇ ਵਾਰਡ ਨੰਬਰ 23 ਦੇ ਕੌਂਸਲਰ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ।
ਆਪਸੀ ਰੰਜਸ਼ ਦੱਸਿਆ ਜਾ ਰਿਹਾ ਹੈ ਹਮਲੇ ਦਾ ਕਾਰਨ
ਡੀਸੀਪੀ ਸਿਟੀ ਆਈਪੀਐਸ ਆਦਿਤਿਆ ਐਸ. ਵਾਰੀਅਰ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਕਿ ਸ਼ਾਮ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵਾਰਡ ਨੰਬਰ 23 ਦੇ ਕੌਂਸਲਰ ਹਰਪਾਲ ਸਿੰਘ ਉੱਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਚਾਕੂਆਂ ਨਾਲ ਹਮਲਾ ਕਰ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਇਸ ਹਮਲੇ ਦੇ ਪਿੱਛੇ ਪੁਰਾਣੀ ਆਪਸੀ ਰੰਜਸ਼ ਸਾਹਮਣੇ ਆ ਰਹੀ ਹੈ।
ਚਾਰਾਂ ਮੁਲਜ਼ਮਾਂ ਦੀ ਹੋਈ ਪਛਾਣ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਬਿਨਾਂ ਕੋਈ ਸਮਾਂ ਗਵਾਏ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਚਾਰਾਂ ਹਮਲਾਵਰਾਂ ਦੀ ਪਛਾਣ ਕਰ ਲਈ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਐੱਫ.ਆਈ.ਆਰ. ਨੰਬਰ 302/2026 ਦਰਜ ਕਰ ਲਈ ਹੈ। ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 109, 190, 191 ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ।
ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
ਡੀਸੀਪੀ ਸਿਟੀ ਨੇ ਅੱਗੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਸਲਾਖਾਂ ਪਿੱਛੇ ਪਹੁੰਚਾਉਣ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਸਾਰੇ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



