ਅਜਨਾਲਾ : ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਅਜਨਾਲਾ ਦੇ CI ਸਟਾਫ ਨੇ ਪਿੰਡ ਪੰਜਗਰਾਈਆਂ ਨਿਜਰਾਂ ਨੇੜਿਓਂ 17.5 ਕਿਲੋ ਹੈਰੋਇਨ ਦੀ ਵੱਡੀ ਖੇਪ ਸਮੇਤ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਤਿੰਨੇ ਮੁਲਜ਼ਮ ਅੰਮ੍ਰਿਤਸਰ ਦੇ ਨਰਾਇਣਗੜ੍ਹ ਇਲਾਕੇ ਦੇ ਵਸਨੀਕ ਦੱਸੇ ਜਾ ਰਹੇ ਹਨ। ਪੁਲਿਸ ਇਸ ਕਾਰਵਾਈ ਨੂੰ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਵਿਰੁੱਧ ਇੱਕ ਅਹਿਮ ਪ੍ਰਾਪਤੀ ਮੰਨ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਸੀ.ਆਈ. ਸਟਾਫ ਦੀ ਟੀਮ ਵੱਲੋਂ ਪਿੰਡ ਪੰਜਗਰਾਈਆਂ ਨਿਜਰਾਂ ਦੇ ਨਜ਼ਦੀਕ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਜਦੋਂ ਪੁਲਿਸ ਟੀਮ ਨੇ ਉਨ੍ਹਾਂ ਕੋਲ ਮੌਜੂਦ ਪੀਲੇ ਰੰਗ ਦੇ ਤੋੜੇ ਦੀ ਤਲਾਸ਼ੀ ਲਈ, ਤਾਂ ਉਸ ਵਿੱਚੋਂ 17.5 ਕਿਲੋ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨਸ਼ੇ ਦੀ ਖੇਪ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲੈ ਕੇ ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਪੁਲਿਸ ਦੀ ਮੁੱਢਲੀ ਤਫ਼ਤੀਸ਼ ਵਿੱਚ ਇਹ ਖ਼ੁਲਾਸਾ ਹੋਇਆ ਹੈ ਕਿ ਹੈਰੋਇਨ ਦੀ ਇਹ ਭਾਰੀ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਦੀ ਮਦਦ ਨਾਲ ਭਾਰਤੀ ਸਰਹੱਦ ਵਿੱਚ ਸੁੱਟੀ ਗਈ ਸੀ। ਮੁਲਜ਼ਮਾਂ ਨੂੰ ਸਰਹੱਦੀ ਇਲਾਕੇ ਤੋਂ ਇਹ ਖੇਪ ਚੁੱਕ ਕੇ ਅੱਗੇ ਕਿਸੇ ਹੋਰ ਤਸਕਰ ਤੱਕ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ। ਹਾਲਾਂਕਿ, ਪੁਲਿਸ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਇਸ ਖੇਪ ਦੀ ਡਿਲੀਵਰੀ ਕਿਸ ਥਾਂ ‘ਤੇ ਕੀਤੀ ਜਾਣੀ ਸੀ।
ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਸਰਹੱਦ ਪਾਰ ਬੈਠੇ ਤਸਕਰਾਂ ਅਤੇ ਸਥਾਨਕ ਸਪਲਾਈ ਚੇਨ ਨਾਲ ਜੁੜੇ ਬਾਕੀ ਮੈਂਬਰਾਂ ਨੂੰ ਵੀ ਬੇਨਕਾਬ ਕਰਕੇ ਕਾਬੂ ਕੀਤਾ ਜਾ ਸਕੇ।



