ਮਲੇਰਕੋਟਲਾ: ਮਲੇਰਕੋਟਲਾ ਦੇ ਸੁਰੱਖਿਅਤ ਮੰਨੇ ਜਾਣ ਵਾਲੇ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਰਿਹਾਇਸ਼ ਦੇ ਨਜ਼ਦੀਕ ਇੱਕ ਜ਼ੋਰਦਾਰ ਧਮਾਕਾ ਹੋਇਆ। ਇਹ ਧਮਾਕਾ ਇੰਨਾ ਭਿਆਨਕ ਸੀ ਕਿ ਉੱਥੋਂ ਲੰਘ ਰਹੀ ਇੱਕ ਮੱਝ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।
ਗੰਦਗੀ ਦੇ ਢੇਰ ‘ਚ ਹੋਇਆ ਧਮਾਕਾ
ਪ੍ਰਾਪਤ ਜਾਣਕਾਰੀ ਅਨੁਸਾਰ, ਅਮੀਰ ਹਮਜ਼ਾ ਨਾਮਕ ਵਿਅਕਤੀ ਜਦੋਂ ਆਪਣੀ ਮੱਝ ਲੈ ਕੇ ਤਬੇਲੇ ਵੱਲ ਜਾ ਰਿਹਾ ਸੀ, ਤਾਂ ਸੁਲਤਾਨਾਂ ਦੀ ਕੋਠੀ ਦੇ ਨੇੜੇ ਬਣੀ ਡਰੇਨ ਕੋਲ ਪਏ ਕੂੜੇ ਦੇ ਢੇਰ ਵਿੱਚ ਮੱਝ ਕੁਝ ਖਾਣ ਲਈ ਰੁਕੀ। ਇਸ ਦੌਰਾਨ ਕੂੜੇ ਵਿੱਚ ਪਈ ਕਿਸੇ ਵਸਤੂ ਕਾਰਨ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ ਮੱਝ ਦੀ ਇੱਕ ਲੱਤ ਬੁਰੀ ਤਰ੍ਹਾਂ ਉੱਡ ਗਈ ਤੇ ਉਸ ਦਾ ਪੇਟ ਵੀ ਫਟ ਗਿਆ। ਮੱਝ ਦੇ ਮਾਲਕ ਨੇ ਦੱਸਿਆ ਕਿ ਧਮਾਕਾ ਇੰਨਾ ਤੇਜ਼ ਸੀ ਕਿ ਪੂਰਾ ਇਲਾਕਾ ਗੂੰਜ ਉੱਠਿਆ।
ਪਿਛਲੇ ਸਾਲ ਵੀ ਹੋਇਆ ਸੀ ਇਸ ਜਗ੍ਹਾ ਧਮਾਕਾ
ਸਥਾਨਕ ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਕਾਫੀ ਰੋਸ ਅਤੇ ਡਰ ਪਾਇਆ ਜਾ ਰਿਹਾ ਹੈ ਕਿ ਇਸੇ ਥਾਂ ‘ਤੇ ਪਿਛਲੇ ਸਾਲ ਵੀ ਅਜਿਹਾ ਹੀ ਧਮਾਕਾ ਹੋਇਆ ਸੀ। ਇੱਕੋ ਸਥਾਨ ‘ਤੇ ਵਾਰ-ਵਾਰ ਹੋ ਰਹੇ ਇਹ ਧਮਾਕੇ ਵੱਡੇ ਸਵਾਲ ਖੜ੍ਹੇ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਆਖਰ ਇਸ ਡਰੇਨ ਅਤੇ ਕੂੜੇ ਦੇ ਢੇਰਾਂ ਵਿੱਚ ਅਜਿਹਾ ਕੀ ਹੈ ਜੋ ਬਾਰ-ਬਾਰ ਧਮਾਕਿਆਂ ਦਾ ਕਾਰਨ ਬਣ ਰਿਹਾ ਹੈ।
ਐਸ.ਐਸ.ਪੀ. ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਮਲੇਰਕੋਟਲਾ ਦੇ ਐਸ.ਐਸ.ਪੀ. ਗੁਰਮੀਤ ਸਿੰਘ ਆਪਣੀ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮਾਂ (Forensic Teams) ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ, “ਅਸੀਂ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਜਲਦੀ ਹੀ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਲਗਾ ਲਿਆ ਜਾਵੇਗਾ।”



