ਨੂਰਮਹਿਲ : ਨੂਰਮਹਿਲ ਤੋਂ ਇੱਕ ਬਹੂਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 35 ਸਾਲਾ ਵਿਆਹੁਤਾ ਔਰਤ ਨੇ ਆਪਣੇ ਘਰ ਵਿੱਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਮਾਇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ ‘ਤੇ ਪ੍ਰੇਸ਼ਾਨ ਕਰਨ ਦੇ ਗੰਭੀਰ ਆਰੋਪ ਲਗਾਏ ਹਨ। ਮਾਇਕੇ ਪੱਖ ਦਾ ਕਹਿਣਾ ਹੈ ਕਿ ਸਰਬਜੀਤ ਕੌਰ ਨੂੰ ਉਸ ਦੇ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਪ੍ਰੇਸ਼ਾਨੀ ਅਤੇ ਖੱਜਲ-ਖੁਆਰੀ ਤੋਂ ਦੁਖੀ ਹੋ ਕੇ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਣ ਦਾ ਫ਼ੈਸਲਾ ਕੀਤਾ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮ੍ਰਿਤਕਾ ਦੇ ਪਤੀ, ਸੱਸ ਅਤੇ ਸਹੁਰੇ ਨੂੰ ਪੁੱਛਗਿੱਛ ਲਈ ਰਾਊਂਡ ਅੱਪ ਕਰ ਲਿਆ ਹੈ।
ਘਟਨਾ ਬਾਰੇ ਜਾਣਕਾਰੀ ਦਿੰਦਿਆਂ ਨਕੋਦਰ ਦੇ ਡੀ.ਐੱਸ.ਪੀ. ਓੰਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪੱਖਾਂ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ ਤਾਂ ਜੋ ਅਸਲ ਸੱਚਾਈ ਸਾਹਮਣੇ ਆ ਸਕੇ। ਡੀ.ਐੱਸ.ਪੀ. ਨੇ ਭਰੋਸਾ ਦਿਵਾਇਆ ਕਿ ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

