ਕੋਟਕਪੂਰਾ : ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕਾਨਾ ਹੱਕ ਦੇਣ ਲਈ ਸ਼ੁਰੂ ਕੀਤੀ ਗਈ “ਮੇਰਾ ਘਰ, ਮੇਰੇ ਨਾਮ” ਸਕੀਮ ਤਹਿਤ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਡੀ ਪਹਿਲਕਦਮੀ ਕੀਤੀ ਗਈ। ਹਲਕਾ ਕੋਟਕਪੂਰਾ ਦੇ ਪਿੰਡ ਫਿੱਡੇ ਕਲਾਂ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੇ 178 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦੇ ਦਸਤਾਵੇਜ਼ ਸੌਂਪੇ।
ਸਾਲਾਂ ਪੁਰਾਣੀ ਮੰਗ ਹੋਈ ਪੂਰੀ: ਹੁਣ ਲੋਕ ਬਣੇ ਆਪਣੇ ਘਰਾਂ ਦੇ ਅਸਲੀ ਮਾਲਕ
ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਬਹੁਤ ਸਾਰੇ ਪਰਿਵਾਰ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਕਾਨੂੰਨੀ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ, “ਅੱਜ ਇਨ੍ਹਾਂ ਪਰਿਵਾਰਾਂ ਦਾ ਆਪਣੇ ਘਰਾਂ ‘ਤੇ ਕਾਨੂੰਨੀ ਹੱਕ ਸਥਾਪਿਤ ਹੋ ਗਿਆ ਹੈ। ਹੁਣ ਇਹ ਲੋਕ ਆਪਣੇ ਘਰਾਂ ‘ਤੇ ਬੈਂਕ ਲੋਨ ਲੈ ਸਕਣਗੇ, ਮੁਰੰਮਤ ਕਰਵਾ ਸਕਣਗੇ ਅਤੇ ਹੋਰ ਸਰਕਾਰੀ ਸਹੂਲਤਾਂ ਦਾ ਬਿਨਾਂ ਕਿਸੇ ਰੁਕਾਵਟ ਦੇ ਲਾਭ ਉਠਾ ਸਕਣਗੇ।”
ਪਿੰਡ ਦੇ ਵਿਕਾਸ ਲਈ 10 ਲੱਖ ਦੀ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ
ਮਾਲਕਾਨਾ ਹੱਕ ਦੇ ਸਰਟੀਫਿਕੇਟ ਵੰਡਣ ਦੇ ਨਾਲ-ਨਾਲ ਸਪੀਕਰ ਸੰਧਵਾਂ ਨੇ ਪਿੰਡ ਫਿੱਡੇ ਕਲਾਂ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਧਰਮਸ਼ਾਲਾ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਪਾਰਦਰਸ਼ੀ ਪ੍ਰਕਿਰਿਆ ਅਤੇ ਮੁਫ਼ਤ ਸਹੂਲਤ
ਸਪੀਕਰ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਇਸ ਸਕੀਮ ਤਹਿਤ ਸਰਟੀਫਿਕੇਟ ਬਿਲਕੁਲ ਮੁਫ਼ਤ ਦਿੱਤੇ ਜਾ ਰਹੇ ਹਨ ਅਤੇ ਪੂਰੀ ਪ੍ਰਕਿਰਿਆ ਨੂੰ ਬੇਹੱਦ ਪਾਰਦਰਸ਼ੀ ਬਣਾਇਆ ਗਿਆ ਹੈ ਤਾਂ ਜੋ ਕਿਸੇ ਵੀ ਆਮ ਨਾਗਰਿਕ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਹਰ ਗਰੀਬ ਅਤੇ ਲੋੜਵੰਦ ਨੂੰ ਉਸਦਾ ਬਣਦਾ ਹੱਕ ਦਿਵਾਉਣਾ ਹੈ।
ਲਾਭਪਾਤਰੀਆਂ ਨੇ ਪ੍ਰਗਟਾਇਆ ਧੰਨਵਾਦ
ਮਾਲਕਾਨਾ ਹੱਕ ਦੇ ਦਸਤਾਵੇਜ਼ ਹਾਸਲ ਕਰਨ ਤੋਂ ਬਾਅਦ ਪਿੰਡ ਵਾਸੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੇਖਣ ਨੂੰ ਮਿਲੀ। ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਸਾਲਾਂ ਪੁਰਾਣੀ ਚਿੰਤਾ ਦੂਰ ਕਰ ਦਿੱਤੀ ਹੈ ਅਤੇ ਅੱਜ ਉਹ ਮਾਣ ਨਾਲ ਆਪਣੇ ਘਰਾਂ ਦੇ ਮਾਲਕ ਬਣ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਮੋਗਾ ‘ਚ ਕੁਦਰਤ ਦਾ ਕਹਿਰ: ਭਾਰੀ ਗੜੇਮਾਰੀ ਤੇ ਹਨੇਰੀ ਨੇ ਕਣਕ ਦੀ ਫ਼ਸਲ ਕੀਤੀ ਬਰਬਾਦ, ਕਿਸਾਨਾਂ ਦੇ ਅੱਖਾਂ ‘ਚ ਹੰਝੂ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



