ਬਠਿੰਡਾ: ਜਿੱਥੇ ਪੂਰੀ ਦੁਨੀਆ ਨਵੇਂ ਸਾਲ ਦੇ ਜਸ਼ਨਾਂ ਵਿੱਚ ਡੁੱਬੀ ਹੋਈ ਹੈ, ਉੱਥੇ ਹੀ ਬਠਿੰਡਾ ਵਿੱਚ ਮਨਰੇਗਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਮਨਰੇਗਾ ਵਰਕਰ, ਜਿਨ੍ਹਾਂ ਵਿੱਚ ਬਜ਼ੁਰਗ ਔਰਤਾਂ ਅਤੇ ਛੋਟੇ ਬੱਚੇ ਵੀ ਸ਼ਾਮਿਲ ਸਨ, ਸੜਕਾਂ ‘ਤੇ ਬੈਠ ਕੇ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕਰਦੇ ਨਜ਼ਰ ਆਏ। ਪ੍ਰਦਰਸ਼ਨ ਕਾਰਨ ਆਵਾਜਾਈ ਪ੍ਰਭਾਵਿਤ ਹੋਈ, ਜਿਸ ਕਾਰਨ ਪੁਲਿਸ ਨੂੰ ਟ੍ਰੈਫਿਕ ਡਾਇਵਰਟ ਕਰਨਾ ਪਿਆ।
‘ਜੀ ਰਾਮ ਜੀ‘ ਬਿੱਲ ਦਾ ਵਿਰੋਧ ਅਤੇ 6 ਮਹੀਨਿਆਂ ਦੀ ਰੁਕੀ ਦਿਹਾੜੀ
ਪ੍ਰਦਰਸ਼ਨਕਾਰੀ ਮਹਿਲਾਵਾਂ ਅਮਨਦੀਪ ਕੌਰ ਅਤੇ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਲਿਆਂਦਾ ਜਾ ਰਿਹਾ ਨਵਾਂ ‘ਜੀ ਰਾਮ ਜੀ’ ਬਿੱਲ ਗਰੀਬ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਗਰੀਬਾਂ ਦੇ ਚੁੱਲ੍ਹਿਆਂ ਦੀ ਅੱਗ ਬੁਝਾਉਣ ਅਤੇ ਉਨ੍ਹਾਂ ਨੂੰ ਸੜਕਾਂ ‘ਤੇ ਲਿਆਉਣ ਦਾ ਕੰਮ ਕਰ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ‘ਤੇ ਵਰ੍ਹਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਮਨਰੇਗਾ ਵਰਕਰਾਂ ਦੀ ਦਿਹਾੜੀ ਰੁਕੀ ਹੋਈ ਹੈ, ਜਿਸ ਕਾਰਨ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ।
ਸੂਬਾ ਸਰਕਾਰ ਦੀ ਨੀਅਤ ‘ਤੇ ਸਵਾਲ: ਹਰਵਿੰਦਰ ਸਿੰਘ ਸੇਮਾ
ਮਨਰੇਗਾ ਆਗੂ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨਵੇਂ ਬਿੱਲ ਦਾ ਵਿਰੋਧ ਇਸ ਲਈ ਕਰ ਰਹੀ ਹੈ ਕਿਉਂਕਿ ਇਸ ਤਹਿਤ ਸੂਬੇ ਨੂੰ 40% ਹਿੱਸਾ ਪਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਗਰੀਬਾਂ ਦੇ ਕਰੋੜਾਂ ਰੁਪਏ ਦੱਬੀ ਬੈਠੀ ਹੈ ਅਤੇ ਉਨ੍ਹਾਂ ਦੇ ਹੱਕ ਮਾਰ ਰਹੀ ਹੈ। ਬਜ਼ੁਰਗ ਮਹਿਲਾ ਅਮਰਜੀਤ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਇਸ ਹੱਡ-ਚੀਰਵੀਂ ਠੰਡ ਵਿੱਚ ਉਹ ਆਪਣੇ ਬੱਚਿਆਂ ਨਾਲ ਸੜਕ ‘ਤੇ ਬੈਠਣ ਲਈ ਮਜਬੂਰ ਹਨ ਕਿਉਂਕਿ ਸਰਕਾਰਾਂ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੱਲ ਕੰਨ ਬੰਦ ਕਰ ਲਏ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/shameful-act-in-ambala-cantt-civil-hospital-radiographer-arrested-for-molesting-9-year-old-girl/
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



